ਮੋਹਾਲੀ, 2 ਸਤੰਬਰ – ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੂਬੇ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੇ ਅਗਾਊਂ ਜ਼ਮਾਨਤ ਲਈ ਹੁਣ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਬੂਹਾ ਖੜਕਾਇਆ ਹੈ। ਸੈਣੀ ਨੇ ਆਪਣੇ ਵਕੀਲ ਰਾਹੀਂ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਮੁਹਾਲੀ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਬੀਤੇ ਦਿਨੀਂ ਜ਼ਿਲ੍ਹਾ ਅਦਾਲਤ ਨੇ ਸਾਬਕਾ ਡੀਜੀਪੀ ਨੂੰ ਵੱਡਾ ਝਟਕਾ ਦਿੰਦਿਆਂ ਉਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਮੁੱਢੋਂ ਰੱਦ ਕਰ ਦਿੱਤਾ ਸੀ। ਹਾਈ ਕੋਰਟ ਦੇ ਜੱਜ ਨੇ ਅੱਜ ਅਚਾਨਕ ਸੈਣੀ ਕੇਸ ਤੋਂ ਖ਼ੁਦ ਨੂੰ ਅਲੱਗ ਕਰ ਲਿਆ ਹੈ। ਸਾਬਕਾ ਡੀਜੀਪੀ ਸੁਮੇਧ ਸੈਣੀ ਨੇ ਮੁਹਾਲੀ ਦੇ ਮਟੌਰ ਥਾਣੇ ਵਿੱਚ ਉਨ੍ਹਾਂ ਖ਼ਿਲਾਫ਼ ਦਰਜ ਅਪਰਾਧਕ ਕੇਸ ਨੂੰ ਰੱਦ ਕਰਵਾਉਣ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਅੱਜ ਉਨ੍ਹਾਂ ਦੀ ਅਰਜ਼ੀ ’ਤੇ ਸੁਣਵਾਈ ਹੋਣੀ ਸੀ ਪਰ ਸਬੰਧਤ ਜੱਜ ਨੇ ਇਸ ਮਾਮਲੇ ਤੋਂ ਵੱਖ ਹੁੰਦਿਆਂ ਸੈਣੀ ਦੀ ਅਰਜ਼ੀ ਨੂੰ ਅਗਲੀ ਕਾਰਵਾਈ ਲਈ ਚੀਫ਼ ਜਸਟਿਸ ਕੋਲ ਭੇਜ ਦਿੱਤਾ ਹੈ। ਹੁਣ ਅਗਲੇ ਇਕ ਦੋ ਦਿਨਾਂ ਵਿੱਚ ਚੀਫ ਜਸਟਿਸ ਵੱਲੋਂ ਇਹ ਕੇਸ ਕਿਸੇ ਦੂਜੀ ਅਦਾਲਤ ਵਿੱਚ ਤਬਦੀਲ ਕੀਤਾ ਜਾਵੇਗਾ। ਪਤਾ ਲੱਗਾ ਹੈ ਕਿ ਮੁਹਾਲੀ ਪੁਲੀਸ ਨੇ ਸੈਣੀ ਦੀ ਗ੍ਰਿਫ਼ਤਾਰੀ ਲਈ ਸੱਤ ਟੀਮਾਂ ਬਣਾਈਆਂ ਹਨ। ਉੱਚ ਅਧਿਕਾਰੀ ਨੇ ਦੱਸਿਆ ਕਿ ਸੈਣੀ ਦੀ ਗ੍ਰਿਫ਼ਤਾਰੀ ਲਈ ਯਤਨ ਜਾਰੀ ਹਨ।
ਅਗਾਊਂ ਜ਼ਮਾਨਤ ਲਈ ਸੁਮੇਧ ਸੈਣੀ ਨੇ ਹਾਈ ਕੋਰਟ ਦਾ ਬੂਹਾ ਖੜਕਾਇਆ
