ਅਸ਼ਵਨੀ ਸੇਖੜੀ ਨਹੀ ਛੱਡਣਗੇ ਕਾਂਗਰਸ -ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਦਾਅਵਾ

42

ਚੰਡੀਗੜ, 28 ਜੂਨ (ਬੁਲੰਦ ਆਵਾਜ ਬਿਊਰੋ) – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਕਾਂਗਰਸ ਵਿੱਚ ਰਹਿਣਗੇ ਅਤੇ ਉਨਾਂ ਦੇ ਪਾਰਟੀ ਛੱਡਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੇ ਅੱਜ ਸੇਖੜੀ ਨਾਲ ਗੱਲਬਾਤ ਕੀਤੀ ਅਤੇ ਉਨਾਂ ਦੀਆਂ ਸਾਰੀਆਂ ਚਿੰਤਾਵਾਂ ਦੇ ਹੱਲ ਦਾ ਭਰੋਸਾ ਦਿੱਤਾ । ਉਨਾਂ ਕਿਹਾ ਕਿ ਸੇਖੜੀ ਪੱਕੇ ਕਾਂਗਰਸੀ ਹਨ ਜਿਨਾਂ ਨੇ ਆਪਣਾ ਸਾਰਾ ਜੀਵਨ ਪਾਰਟੀ ਨਾਲ ਬਿਤਾਇਆ ਅਤੇ ਉਨਾਂ ਦੇ ਪਾਰਟੀ ਛੱਡਣ ਦੀਆਂ ਸਾਰੀਆਂ ਅਫਵਾਹਾਂ ਬੇਬੁਨਿਆਦ ਹਨ।

Italian Trulli

ਕੈਪਟਨ ਅਮਰਿੰਦਰ ਨੇ ਦੱਸਿਆ ਕਿ ਸੇਖੜੀ ਨੇ ਮੀਡੀਆ ਦੇ ਇੱਕ ਹਿੱਸੇ ਵਿੱਚ ਛਪੀਆਂ ਖਬਰਾਂ ਕਿ ਉਹ ਕਾਂਗਰਸ ਪਾਰਟੀ ਛੱਡੇ ਕੇ ਕਿਸੇ ਹੋਰ ਪਾਰਟੀ ਵਿੱਚ ਜਾ ਰਹੇ ਹਨ, ਨੂੰ ਪੂਰੀ ਤਰਾਂ ਨਕਾਰ ਦਿੱਤਾ ਹੈ।ਸੇਖੜੀ ਨੇ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਉਹ ਇਕ ਵਚਨਬੱਧ ਅਤੇ ਸਮਰਪਿਤ ਕਾਂਗਰਸੀ ਹਨ, ਜੋ ਪਾਰਟੀ ਛੱਡਣ ਬਾਰੇ ਕਦੇ ਸੋਚ ਵੀ ਨਹੀਂ ਸਕਦੇ।ਮੁੱਖ ਮੰਤਰੀ ਨੇ ਸ੍ਰੀ ਸੇਖੜੀ ਦੇ ਸਾਰੇ ਖਦਸ਼ਿਆਂ ਨੂੰ ਦੂਰ ਕੀਤਾ ਅਤੇ ਉਨਾਂ ਨੂੰ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੇ ਸੀਨੀਅਰ ਆਗੂ ਹਨ ਜਿਨਾਂ ਨੇ ਪਾਰਟੀ ਲਈ ਵੱਡਾ ਯੋਗਦਾਨ ਦਿੱਤਾ ਹੈ। ਕੈਪਟਨ ਅਮਰਿੰਦਰ ਨੇ ਅੱਗੇ ਕਿਹਾ ਕਿ ਸਾਰੇ ਸੀਨੀਅਰ ਆਗੂਆਂ ਦੇ ਹਿੱਤਾਂ ਦਾ ਖ਼ਿਆਲ ਰੱਖਣਾ ਪਾਰਟੀ ਦੀ ਜ਼ਿੰਮੇਵਾਰੀ ਹੈ।