ਤਲਵੰਡੀ ਸਾਬੋ, 9 ਜੁਲਾਈ (ਬੁਲੰਦ ਆਵਾਜ ਬਿਊਰੋ) – ਕੋਰੋਨਾ ਕਾਲ ਦੀ ਪਹਿਲੀ ਲਹਿਰ ਦੇ ਸਮੇਂ ਤੋਂ ਬੰਦ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੰਬਾਂ ਸਮਾਂ ਬੀਤ ਜਾਣ ਦੇ ਬਾਵਜੂਦ ਅਜੇ ਤੱਕ ਵੀ ਨਾ ਖੋਲ੍ਹੇ ਜਾਣ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਦੀ ਨੀਅਤ ‘ਤੇ ਸ਼ੱਕ ਪ੍ਰਗਟ ਕੀਤਾ ਹੈ ।ਦਮਦਮਾ ਸਾਹਿਬ ਵਿਖੇ ਆਪਣੀ ਰਿਹਾਇਸ਼ ‘ਤੇ ਗੱਲ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੋਰੋਨਾ ਦੀ ਪਹਿਲੀ ਲਹਿਰ ਮੌਕੇ ਹੀ ਦੇਸ਼ ਦੇ ਹੋਰਨਾਂ ਧਾਰਮਿਕ ਅਸਥਾਨਾਂ ਵਾਂਗ ਸਿੱਖਾਂ ਲਈ ਅਤਿ ਮਹੱਤਵਪੂਰਨ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਵੀ ਬੰਦ ਕਰ ਦਿੱਤਾ ਗਿਆ ਸੀ, ਪਰ ਪਿਛਲੇ ਸਮੇਂ ਵਿਚ ਕੋਰੋਨਾ ਲਹਿਰ ਦੇ ਮੱਠਾ ਪੈਂਦਿਆਂ ਹੀ, ਜਿੱਥੇ ਦੇਸ਼ ਦੇ ਬਾਕੀ ਧਾਰਮਿਕ ਅਸਥਾਨਾਂ ਨੂੰ ਖੋਲ੍ਹ ਦਿੱਤਾ ਗਿਆ ਤਾਂ ਅਜਿਹੇ ਵਿਚ ਕਰੀਬ ਡੇਢ ਸਾਲ ਦਾ ਸਮਾਂ ਲੰਘ ਜਾਣ ਦੇ ਬਾਵਜੂਦ ਕਰਤਾਰਪੁਰ ਸਾਹਿਬ ਲਾਂਘਾ ਨਾ ਖੋਲ੍ਹਣਾ ਦਰਸਾਂਉਦਾ ਹੈ ਕਿ ਕੇਂਦਰ ਸਰਕਾਰ ਦੀ ਨੀਅਤ ਕਿਤੇ ਨਾ ਕਿਤੇ ਸ਼ੱਕੀ ਹੈ ।ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਜੇ ਸੰਜੀਦਾ ਹੈ ਤਾਂ ਤੁਰੰਤ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦਾ ਐਲਾਨ ਕਰੇ।