27.9 C
Amritsar
Monday, June 5, 2023

ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਿਆ ਜਾਵੇ : ਖਹਿਰਾ

Must read

ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਕਰੋਨਾ ਦੇ ਮੱਦੇਨਜ਼ਰ ਬੰਦ ਕੀਤਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ ਮੰਗ ਕੀਤੀ ਹੈ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਸਬੰਧੀ ਨਿੱਜੀ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਵੀ ਅਪੀਲ ਕੀਤੀ ਕਿ ਉਹ ਲਾਂਘਾ ਖੁੱਲ੍ਹਵਾਉਣ ਲਈ ਯੋਗ ਪੈਰਵਾਈ ਕਰਨ। ਇੱਥੇ ਅੱਜ ਸ੍ਰੀ ਖਹਿਰਾ ਨੇ ਕਿਹਾ ਕਿ ਕਰੋਨਾ ਦੇ ਚੱਲਦਿਆਂ ਦੋਵੇਂ ਮੁਲਕਾਂ ਦੀਆਂ ਸਰਕਾਰਾਂ ਨੇ ਬੀਤੀ 16 ਮਾਰਚ ਨੂੰ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਆਰਜ਼ੀ ਤੌਰ ’ਤੇ ਬੰਦ ਕੀਤਾ ਸੀ। ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਬੀਤੀ 29 ਜੂਨ ਨੂੰ ਪਾਕਿਸਤਾਨ ਨੇ ਲਾਂਘਾ ਸ਼ਰਧਾਲੂਆਂ ਲਈ ਮੁੜ ਖੋਲ੍ਹ ਦਿੱਤਾ ਹੈ ਪਰ ਪੰਜਾਬ ਵਾਲੇ ਪਾਸਿਓਂ ਇਹ ਹਾਲੇ ਵੀ ਬੰਦ ਪਿਆ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਗੁਰਦੁਆਰੇ, ਮੰਦਰ, ਮਸਜਿਦਾਂ, ਗਿਰਜਾਘਰ ਅਤੇ ਧਰਮਸ਼ਾਲਾ ਆਦਿ ਸਥਾਨ ਲੋਕਾਂ ਲਈ ਖੋਲ੍ਹ ਦਿੱਤੇ ਗਏ ਹਨ ਅਤੇ 5 ਅਗਸਤ ਨੂੰ ਪ੍ਰਧਾਨ ਮੰਤਰੀ ਨੇ ਅਯੁੱਧਿਆਂ ਵਿੱਚ ਰਾਮ ਮੰਦਰ ਦੀ ਉਸਾਰੀ ਬਾਬਤ ਨੀਂਹ ਪੱਥਰ ਰੱਖਿਆ ਹੈ, ਲਿਹਾਜ਼ਾ ਹੁਣ ਇਹ ਲਾਂਘਾ ਵੀ ਖੋਲ੍ਹਿਆ ਜਾਣਾ ਚਾਹੀਦਾ ਹੈ। ਸ੍ਰੀ ਖਹਿਰਾ ਨੇ ਕਿਹਾ ਕਿ ਸਰਹੱਦੀ ਇਲਾਕੇ ਦੇ ਪਿੰਡਾਂ ਵਿੱਚ ਸ਼ਰ੍ਹੇਆਮ ਸਰਕਾਰੀ ਸਰਪ੍ਰਸਤੀ ਹੇਠ ਨਕਲੀ ਸ਼ਰਾਬ ਦਾ ਗੋਰਖ ਧੰਦਾ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸੈਂਕੜੇ ਲੋਕਾਂ ਦੀ ਮੌਤ ਲਈ ਜ਼ਿੰਮੇਵਾਰ ਲੋਕਾਂ ਨੂੰ ਫੜ ਕੇ ਜੇਲ੍ਹਾਂ ਵਿੱਚ ਡੱਕਣ ਬਾਰੇ ਮੁੱਖ ਮੰਤਰੀ ਦੀ ਕਹਿਣੀ ਅਤੇ ਕਥਨੀ ਵਿੱਚ ਜ਼ਮੀਨ ਅਸਮਾਨ ਦਾ ਅੰਤਰ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾ ਸਬੰਧਤ ਖੇਤਰ ਦਾ ਦੌਰਾ ਮਹਿਜ਼ ਜਾਂਚ ਨੂੰ ਪ੍ਰਭਾਵਿਤ ਕਰਨਾ ਸੀ। ਉਨ੍ਹਾਂ ਸਿੱਖ ਨੌਜਵਾਨਾਂ ਦੀ ਫੜੋ-ਫੜੀ ਦੇ ਮਾਮਲੇ ’ਤੇ ਵੀ ਸਰਕਾਰ ਦੀ ਨਿਖੇਧੀ ਕੀਤੀ। ਉਨ੍ਹਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਜ਼ਮੀਨੀ ਹਕੀਕਤ ਜਾਣਨ ਲਈ ਉਹ ਇਕੱਲੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਅਤੇ ਲੋਕਾਂ ਦੀ ਕਚਹਿਰੀ ਵਿੱਚ ਬੈਠ ਕੇ ਉਨ੍ਹਾਂ ਦਾ ਦਰਦ ਸੁਣਨ ਤਾਂ ਜੋ ਉਨ੍ਹਾਂ ਨੂੰ ਅਸਲੀਅਤ ਦਾ ਪਤਾ ਲੱਗ ਸਕੇ। ਇਸ ਮੌਕੇ ਮੌੜ ਦੇ ਵਿਧਾਇਕ ਜਗਦੇਵ ਸਿੰਘ, ਨਵਦੀਪ ਸਿੰਘ ਬੱਬੂ, ਜਗਜੀਤ ਸਿੰਘ ਅਤੇ ਇੰਦਰਜੀਤ ਸਿੰਘ ਹਾਜ਼ਰ ਸਨ। ਸ੍ਰੀ ਖਹਿਰਾ ਨੇ ਮੰਗ ਕੀਤੀ ਕਿ ਜ਼ਹਿਰੀਲੀ ਸ਼ਰਾਬ ਮਾਮਲੇ ਦੀ ਹਾਈ ਕੋਰਟ ਦੇ ਮੌਜੂਦਾ ਸੀਨੀਅਰ ਜੱਜ ਤੋਂ ਸਮਾਂਬੱਧ ਜਾਂਚ ਕਰਵਾਈ ਜਾਵੇ ਤੇ ਮ੍ਰਿਤਕ ਦੇ ਵਾਰਸਾਂ ਨੂੰ ਪ੍ਰਤੀ ਵਿਅਕਤੀ 25 ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰ ’ਚੋਂ ਇਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।

- Advertisement -spot_img

More articles

- Advertisement -spot_img

Latest article