ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਤਿੰਨ ਮੁੱਖ ਦੋਸ਼ੀ ਫਰਾਰ
ਪਿਛਲੇ ਦਿਨਾਂ ਦੌਰਾਨ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦਾ ਨਾਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ‘ਚ ਬਤੌਰ ਦੋਸ਼ੀ ਨਾਮਜ਼ਦ ਕਰਦਿਆਂ ਜਾਂਚ ਕਰ ਰਹੀ ਸਿੱਟ ਨੇ ਆਪਣੀ ਕਾਰਵਾਈ ਕੁੱਝ ਤੇਜ਼ ਕੀਤੀ ਹੈ। ਪਰ ਅਜੇ ਵੀ ਵੱਖ-ਵੱਖ ਥਾਵਾਂ ‘ਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀਆਂ ਸਾਜਿਸ਼ਾਂ ਘੜਣ ਵਾਲੇ ਤਿੰਨ ਮੁੱਖ ਦੋਸ਼ੀ ਡੇਰਾ ਪ੍ਰੇਮੀ ਪੁਲਸ ਦੀ ਪਹੁੰਚ ਤੋਂ ਬਾਹਰ ਹਨ। ਹਾਲਾਂਕਿ ਜਾਂਚ ਟੀਮ ਨੇ ਕਾਫ਼ੀ ਸਮਾਂ ਪਹਿਲਾਂ ਇਨ੍ਹਾਂ ਮੁਲਜ਼ਮਾਂ ਦੀ ਸ਼ਨਾਖਤ ਕਰ ਲਈ ਸੀ ਪਰ ਇਹ ਪੁਲਸ ਦੇ ਹੱਥ ਨਹੀਂ ਲੱਗ ਰਹੇ।
ਪ੍ਰਾਪਤ ਵੇਰਵਿਆਂ ਮੁਤਾਬਕ ਵਿਸ਼ੇਸ਼ ਜਾਂਚ ਟੀਮ ਨੇ ਆਪਣੀ ਪੜਤਾਲ ਰਿਪੋਰਟ ਵਿੱਚ ਦਾਅਵਾ ਕੀਤਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਬੁਰਜ ਜਵਾਹਰ ਸਿੰਘ ਵਾਲਾ ਤੋਂ ਚੋਰੀ ਕਰਨ ਅਤੇ ਇਸ ਦੀ ਬੇਅਦਬੀ ਕਰਨ ਵਿੱਚ ਡੇਰਾ ਸੱਚਾ ਸੌਦਾ ਦੀ ਨੈਸ਼ਨਲ ਕਮੇਟੀ ਦੇ ਮੈਂਬਰ ਹਰਸ਼ ਧੁਰੀ, ਪ੍ਰਦੀਪ ਕਲੇਰ ਅਤੇ ਸੰਦੀਪ ਬਰੇਟਾ ਨੇ ਅਹਿਮ ਭੂਮਿਕਾ ਨਿਭਾਈ। ਜਾਂਚ ਟੀਮ ਨੇ ਇਨ੍ਹਾਂ ਤਿੰਨੋਂ ਵਿਅਕਤੀਆਂ ਨੂੰ ਬੁਰਜ ਜਵਾਹਰ ਸਿੰਘ ਵਾਲਾ ਤੋਂ ਇਲਾਵਾ ਦੋ ਹੋਰ ਥਾਵਾਂ ਤੋਂ ਹੋਈਆਂ ਬੇਅਦਬੀਆਂ ਵਿੱਚ ਵੀ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ ਪਰ ਘਟਨਾ ਤੋਂ ਪੰਜ ਸਾਲ ਬਾਅਦ ਵੀ ਜਾਂਚ ਟੀਮ ਇਨ੍ਹਾਂ ਮੁਲਜ਼ਮਾਂ ਨੂੰ ਲੱਭ ਨਹੀਂ ਸਕੀ। ਜਾਂਚ ਟੀਮ ਨੇ ਅਦਾਲਤ ਨੂੰ ਲਿਖਤੀ ਤੌਰ ’ਤੇ ਸੂਚਿਤ ਕੀਤਾ ਹੈ ਕਿ ਹਰਸ਼ ਧੁਰੀ, ਪ੍ਰਦੀਪ ਕਲੇਰ ਅਤੇ ਸੰਦੀਪ ਬਰੇਟਾ ਵਾਰ-ਵਾਰ ਛਾਪੇਮਾਰੀ ਦੇ ਬਾਵਜੂਦ ਨਹੀਂ ਲੱਭ ਰਹੇ। ਇਸ ਲਈ ਉਨ੍ਹਾਂ ਸਥਾਨਕ ਪੁਲੀਸ ਦੀ ਵੀ ਮੱਦਦ ਲਈ ਹੈ। ਫ਼ਰੀਦਕੋਟ ਦੇ ਜੁਡੀਸ਼ਲ ਮੈਜਿਸਟਰੇਟ ਦੀ ਅਦਾਲਤ ਵਿੱਚ ਅਰਜ਼ੀ ਦੇ ਕੇ ਜਾਂਚ ਟੀਮ ਇਨ੍ਹਾਂ ਵਿਅਕਤੀਆਂ ਦੇ ਗ੍ਰਿਫ਼ਤਾਰੀ ਵਾਰੰਟ ਹਾਸਲ ਕਰਨ ਦੀ ਚਾਰਾਜੋਈ ਕਰ ਰਹੀ ਹੈ। ਇਸ ਤੋਂ ਪਹਿਲਾਂ ਪੁਲੀਸ ਤਿੰਨ ਕੇਸਾਂ ਵਿੱਚ ਇਨ੍ਹਾਂ ਵਿਅਕਤੀਆਂ ਦੇ ਗ੍ਰਿਫ਼ਤਾਰੀ ਵਾਰੰਟ ਹਾਸਲ ਕਰ ਚੁੱਕੀ ਹੈ ਪਰੰਤੂ ਇਸ ਦੇ ਬਾਵਜੂਦ ਪੁਲੀਸ ਨੂੰ ਕੋਈ ਸਫ਼ਲਤਾ ਨਹੀਂ ਮਿਲੀ। ਪਿੰਡ ਗੁਰੂਸਰ ਅਤੇ ਮੱਲਕੇ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੇ ਮਾਮਲੇ ਵਿੱਚ ਇਹ ਮੁਲਜ਼ਮ ਭਗੌੜੇ ਐਲਾਨੇ ਜਾ ਚੁੱਕੇ ਹਨ। ਇਹ ਵੀ ਖ਼ਦਸ਼ਾ ਹੈ ਕਿ ਬੇਅਦਬੀ ਕਾਂਡ ਦੀ ਜਾਂਚ ਸੀਬੀਆਈ ਕੋਲ ਜਾਣ ਤੋਂ ਬਾਅਦ ਇਹ ਤਿੰਨੋਂ ਮੁਲਜ਼ਮ ਵਿਦੇਸ਼ ਭੱਜ ਗਏ ਹਨ।
ਅੰਮ੍ਰਿਤਸਰ ਟਾਈਮਜ਼ ਤੋਂ ਧੰਨਵਾਦ ਸਹਿਤ
Related
- Advertisement -
- Advertisement -