ਤਖ਼ਤ ਸ੍ਰੀ ਪਟਨਾ ਸਾਹਿਬ ਦੇ ਕਮੇਟੀ ਪ੍ਰਬੰਧਕਾਂ ਦੀ ਆਪਸ ਵਿੱਚ ਹੋਈ ਧੱਕਾ ਮੁੱਕੀ

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਕਮੇਟੀ ਪ੍ਰਬੰਧਕਾਂ ਦੀ ਆਪਸ ਵਿੱਚ ਹੋਈ ਧੱਕਾ ਮੁੱਕੀ

ਪਟਨਾ, 19 ਅਕਤੂਬਰ (ਬੁਲੰਦ ਆਵਾਜ ਬਿਊਰੋ) – ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਪ੍ਰਬੰਧਕਾਂ ਦੇ ਆਪਸੀ ਝਗੜੇ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਵਲੋਂ ਸੇਵਾਮੁਕਤ ਕੀਤੇ ਗਏ ਕਰਮਚਾਰੀਆਂ ਦੀ ਵਿਦਾਇਗੀ ਅਤੇ ਤਖ਼ਤ ਦੇ ਹੈੱਡ ਗ੍ਰੰਥੀ ਦੀ ਸੇਵਾ ਸੌਂਪਣ ਲਈ ਇਕ ਸਮਾਗਮ ਰੱਖਿਆ ਗਿਆ ਸੀ।

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜੂਰੀ ਅਤੇ ਸੰਗਤ ਦੀ ਹਾਜ਼ਰੀ ਵਿਚ ਚੱਲ ਰਹੇ ਇਸ ਸਮਾਗਮ ਦੌਰਾਨ ਪ੍ਰਬੰਧਕ ਕਮੇਟੀ ਵਿਚ ਵਿਰੋਧੀ ਧਿਰ ਦੇ ਮੈਂਬਰਾਂ ਨੇ ਸਮਾਗਮ ਵਿਚ ਅੜਿੱਕਾ ਖੜ੍ਹਾ ਕਰ ਦਿੱਤਾ। ਇਕ ਮੈਂਬਰ ਰਾਜਾ ਸਿੰਘ ਨੇ ਪ੍ਰਧਾਨ ਅਵਤਾਰ ਸਿੰਘ ਹਿੱਤ ਕੋਲੋਂ ਇਹ ਕਹਿ ਕੇ ਮਾਈਕ ਖੋਹ ਲਿਆ ਕੇ ਉਸ ਨੂੰ ਸੰਗਤ ਦੀ ਸਹਿਮਤੀ ਤੋਂ ਬਿਨਾਂ ਕੋਈ ਨਿਯੁਕਤੀ ਕਰਨ ਦਾ ਅਧਿਕਾਰ ਨਹੀਂ ਹੈ। ਇਸ ਦੌਰਾਨ ਖਿੱਚ-ਧੂਹ ਵਿਚ ਧੱਕਾ ਦੇਣ ਨਾਲ ਸ੍ਰੀ ਹਿੱਤ ਮੰਚ ਤੋਂ ਹੇਠਾਂ ਡਿਗ ਪਏ।

ਕੁਝ ਹੋਰ ਮੈਂਬਰਾਂ ਨੇ ਜਦੋਂ ਬਚਾਅ ਕਰਨ ਦਾ ਯਤਨ ਕੀਤਾ ਤਾਂ ਉਨ੍ਹਾਂ ਖ਼ਿਲਾਫ਼ ਵੀ ਅਪਸ਼ਬਦ ਬੋਲੇ ਗਏ। ਇਹ ਸਭ ਕੁਝ ਪੰਡਾਲ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਰਿਕਾਰਡ ਹੋਇਆ ਹੈ ਅਤੇ ਇਸ ਝਗੜੇ ਦੀਆਂ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈਆਂ ਹਨ। ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਨੇ ਕਿਹਾ ਕਿ ਇਹ ਮਾਮਲਾ ਜਲਦੀ ਹੀ ਸ੍ਰੀ ਅਕਾਲ ਤਖ਼ਤ ਵਿਖੇ ਪੰਜ ਸਿੰਘ ਸਾਹਿਬਾਨ ਵਲੋਂ ਵਿਚਾਰਿਆ ਜਾਵੇਗਾ। ਉਹ ਖ਼ੁਦ ਮੌਕੇ ਦੇ ਗਵਾਹ ਹਨ। ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਨੇ ਦੱਸਿਆ ਕਿ ਇਸ ਝਗੜੇ ਦੇ ਸਬੰਧ ਵਿਚ ਪਟਨਾ ਪੁਲਿਸ ਕੋਲ ਸ਼ਿਕਾਇਤ ਭੇਜੀ ਗਈ ਹੈ।

Bulandh-Awaaz

Website: