ਅੰਮ੍ਰਿਤਸਰ, 21 ਜੁਲਾਈ (ਗਗਨ) – ਪੰਜਾਬ ਕਾਂਗਰਸ ਦੇ ਨਵੇਂ ਚੁਣੇ ਗਏ ਪ੍ਰਧਾਨ ਨਵਜੋਤ ਸਿੱਧੂ ਹੁਣ 23 ਜੁਲਾਈ ਸ਼ੁੱਕਰਵਾਰ ਨੂੰ ਸਿੱਧੂ ਆਪਣਾ ਪ੍ਰਧਾਨਗੀ ਦਾ ਅਹੁਦਾ ਸੰਭਾਲਣਗੇ।ਇਸ ਗੱਲ ਦਾ ਪ੍ਰਗਟਾਵਾ ਅੱਜ ਇਥੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਫਤਹਿਗੜ੍ਹ ਸਾਹਿਬ ਕੁਲਜੀਤ ਸਿੰਘ ਨਾਗਰਾ ਨੇ ਕੀਤਾ। ਸਿੱਧੂ 23 ਜੁਲਾਈ ਨੂੰ ਸਵੇਰੇ 11 ਵਜੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਇਹ ਚਾਰਜ ਸੰਭਾਲਣਗੇ। ਨਾਗਰਾ ਨੇ ਕਿਹਾ ਕਿ ਜਿਥੇ ਸਮੂਹ ਆਗੂਆਂ ਅਤੇ ਵਿਧਾਇਕਾਂ ਨੂੰ ਇਸ ਮੌਕੇ ਪੁੱਜਣ ਦਾ ਸੱਦਾ ਦਿੱਤਾ ਉੱਥੇ ਨਾਲ ਹੀ ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਕਿਹਾ ਕਿ ਉਹ ਮੁੱਖ ਮੰਤਰੀ ਨੂੰ ਵੀ ਇਸ ਮੌਕੇ ਪਹੁੰਚਣ ਦਾ ਸੱਦਾ ਦਿੰਦੇ ਹਨ।
ਇਸ ਤੋਂ ਪਹਿਲਾਂ, ਕਾਂਗਰਸੀ ਵਿਧਾਇਕ ਸੁਖਪਾਲ ਭੁੱਲਰ ਨੇ ਵੀ ਪ੍ਰੋਗਰਾਮ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਸਿੱਧੂ ਦੇ ਸ਼ੁੱਕਰਵਾਰ ਨੂੰ ਆਪਣਾ ਅਹੁਦਾ ਸੰਭਾਲਣ ਲਈ ਕੰਮ ਕੀਤਾ ਜਾ ਰਿਹਾ ਹੈ। ਹਾਲਾਂਕਿ ਕਿਹਾ ਜਾ ਰਿਹਾ ਹੈ ਕਿ ਸਿੱਧੂ ਦੀ ਤਾਜਪੋਸ਼ੀ ਵਿੱਚ ਪ੍ਰਿਯੰਕਾ ਵਾਡਰਾ ਵੀ ਸ਼ਾਮਲ ਹੋਵੇਗੀ ਪਰ ਅਜੇ ਇਸ ਦੀ ਪੁਸ਼ਟੀ ਨਹੀਂ ਹੋ ਸਕੀ।
ਦੱਸਣਯੋਗ ਹੈ ਕਿ ਪੰਜਾਬ ਕਾਂਗਰਸ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਨਵਜੋਤ ਸਿੱਧੂ ਲਗਾਤਾਰ ਸਰਗਰਮ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਚੱਲ ਰਹੇ ਕਲੇਸ਼ ਦੌਰਾਨ ਹਾਈਕਮਾਨ ਨੇ ਉਨ੍ਹਾਂ ਨੂੰ ਸੂਬੇ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਹੈ।ਅੱਜ ਸਿੱਧੂ ਦੇ ਘਰ 60 ਤੋਂ ਵੱਧ ਵਿਧਾਇਕ ਪਹੁੰਚੇ ਅਤੇ ਇਸ ਤੋਂ ਬਾਅਦ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਲਗਾਤਾਰ ਤਿੰਨ ਦਿਨਾਂ ਤੋਂ ਸਿੱਧੂ ਦੀਆਂ ਮੀਟਿੰਗਾਂ ਦਾ ਦੌਰ ਜਾਰੀ ਹੈ, ਜਿਸ ਵਿੱਚ ਉਹ ਆਪਣਾ ਪੂਰਾ ਸ਼ਕਤੀ ਪ੍ਰਦਰਸ਼ਨ ਕਰ ਰਹੇ ਹਨ। ਹਾਲਾਂਕਿ ਕੈਪਟਨ ਅਮਰਿੰਦਰ ਸਿੰਘ ਅਜੇ ਵੀ ਉਨ੍ਹਾਂ ਤੋਂ ਨਾਰਾਜ਼ ਚੱਲ ਰਹੇ ਹਨ। ਹਾਲਾਂਕਿ ਮੁੱਖ ਮੰਤਰੀ ਨੂੰ ਸਿੱਧੂ ਦੀ ਤਾਜਪੋਸ਼ੀ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਗਿਆ ਹੈ ।