ਅੰਮਿ੍ਰਤਸਰ, 22 ਮਈ (ਰਛਪਾਲ ਸਿੰਘ) – ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਨਾਲ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਜੋੜਨ ਦੇ ਮਕਸਦ ਨਾਲ ਸ਼ੁਰੂ ਕੀਤੀ ਦਾਖਲਾ ਮੁਹਿੰਮ ਈਚ ਵਨ ਬਰਿੰਗ ਵੰਨ ਨੂੰ ਉਤਸ਼ਾਹਿਤ ਕਰਦਿਆਂ ਪਿਛਲੇ ਸਾਲ ਦੇ ਮੁਕਾਬਲੇ 10 ਫ਼ੀਸਦੀ ਵੱਧ ਦਾਖਲਾ ਕਰਨ ਵਾਲੇ ਬੀਪੀਈਓ ਅਤੇ ਸੈਂਟਰ ਮੁੱਖ ਅਧਿਆਪਕਾਂ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁਸ਼ੀਲ ਕੁਮਾਰ ਤੁਲੀ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅੰਮ੍ਰਿਤਸਰ ਅਤੇ ਸ੍ਰੀਮਤੀ ਰੇਖਾ ਮਹਾਜਨ ਉਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅੰਮ੍ਰਿਤਸਰ ਨੇ ਸਾਂਝੇ ਤੌਰ ਤੇ ਦੱਸਿਆ ਕਿ ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਆਈ ਏ ਐੱਸ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਅਤੇ ਸਿੱਖਿਆ ਦੇ ਮਿਆਰ ਵਿੱਚ ਹੋਏ ਵਾਧੇ ਨੂੰ ਲੈ ਕੇ ਵੱਡੀ ਗਿਣਤੀ ਵਿਚ ਵਿਦਿਆਰਥੀ ਨਿੱਜੀ ਸਕੂਲਾਂ ਤੋਂ ਹੱਟਕੇ ਸਰਕਾਰੀ ਸਕੂਲਾਂ ਨਾਲ ਜੁੜ ਰਹੇ ਹਨ । ਉਨ੍ਹਾਂ ਦੱਸਿਆ ਕਿ ਸਿੱਖਿਆ ਵਿਭਾਗ ਦੀਆਂ ਪ੍ਰਾਪਤੀਆਂ ਤੇ ਉਪਲੱਬਧੀਆਂ ਸਮੇਤ ਵਿਦਿਆਰਥੀ ਹਿੱਤ ਵਿਚ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵਿਭਾਗ ਵੱਲੋਂ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਸਿੱਖਿਆ ਅਧਿਕਾਰੀਆਂ ਤੇ ਅਧਿਆਪਕਾਂ ਵੱਲੋਂ ਘਰ ਘਰ ਜਾ ਕੇ ਬੱਚਿਆਂ ਦੇ ਮਾਪਿਆਂ ਨਾਲ ਜਿੱਥੇ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਉੱਥੇ ਹੀ ਅਧਿਆਪਕਾਂ ਵੱਲੋਂ ਨੁੱਕੜ ਨਾਟਕ, ਟੈਲੀਫੋਨ ਸੰਦੇਸ਼ ਤੇ ਬੋਰਡ ਫਲੈਕਸਾਂ ਰਾਹੀਂ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲ ਵਿੱਚ ਦਾਖ਼ਲ ਕਰਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਨਵੇਂ ਦਾਖਲਿਆਂ ਨੂੰ ਲੈ ਕੇ ਵਿਭਾਗ ਵੱਲੋਂ ਨਿਰਧਾਰਤ ਕੀਤੇ ਟੀਚੇ ਨੂੰ ਪੂਰਾ ਕਰਨ ਵਾਲੇ ਅਧਿਆਪਕਾ ਸਕੂਲ ਮੁਖੀਆਂ ਸੈਂਟਰ ਹੈੱਡ ਟੀਚਰ ਅਤੇ ਬੀਪੀਈਓਜ਼ ਨੂੰ ਪ੍ਰਸੰਸਾ ਦੇ ਕੇ ਸਨਮਾਨਤ ਕੀਤਾ ਜਾਵੇਗਾ ਇਸ ਮੌਕੇ ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਦਵਿੰਦਰ ਕੁਮਾਰ ਮੰਗੋਤਰਾ ਸੋਸ਼ਲ ਮੀਡੀਆ ਕੋਆਡੀਨੇਟਰ , ਰਾਜਿੰਦਰ ਸਿੰਘ ਏ.ਸੀ., ਨਵਪ੍ਰੀਤ ਸਿੰਘ ਚਾਹਲ ਹਾਜ਼ਰ ਸਨ ।
ਨਵੇਂ ਦਾਖਲਿਆਂ ਲਈ 10 ਫ਼ੀਸਦੀ ਟੀਚਾ ਪੂਰਾ ਕਰਨ ਵਾਲੇ ਬੀ ਪੀ ਈ ਓ ਅਤੇ ਸੈਂਟਰ ਮੁੱਖ ਅਧਿਆਪਕਾਂ ਦਾ ਹੋਵੇਗਾ ਸਨਮਾਨ
