ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੱਤਰ ਲਿਖ ਕੇ ਗੁਰੂ ਨਾਨਕ ਦੇਵ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੀ ਭੂਮਿਕਾ ’ਤੇ ਇਤਰਾਜ਼ ਜਤਾਏ ਹਨ। ਪੱਤਰ ਵਿਚ ਰੰਧਾਵਾ ਨੇ ਕਿਹਾ ਹੈ ਕਿ ਪ੍ਰਕਾਸ਼ ਪੁਰਬ ਸਾਰੀਆਂ ਧਿਰਾਂ ਵੱਲੋਂ ਸਾਂਝੇ ਤੌਰ ’ਤੇ ਮਨਾਉਣ ਦੀ ਪਹਿਲਕਦਮੀ ਤਹਿਤ ਉਹ ਦੋ ਹੋਰ ਮੰਤਰੀਆਂ ਸਣੇ ਪਿਛਲੇ ਦਿਨੀਂ ਜਥੇਦਾਰ ਤੇ ਐੱਸਜੀਪੀਸੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਮਿਲੇ ਸਨ। ਅਕਾਲ ਤਖ਼ਤ ਸਾਹਿਬ ਦਫ਼ਤਰ ਵਿਚ ਮੁਲਾਕਾਤ ਸਦਭਾਵਨਾ ਵਾਲੇ ਮਾਹੌਲ ਵਿੱਚ ਹੋਈ। ਮੀਟਿੰਗ ਵਿਚ ਸਹਿਮਤੀ ਬਣੀ ਸੀ ਕਿ ਗੁਰਦੁਆਰਾ ਸਾਹਿਬ ਦੇ ਅੰਦਰਲੇ ਸਾਰੇ ਸਮਾਗਮ ਸ਼੍ਰੋਮਣੀ ਕਮੇਟੀ ਕਰੇਗੀ ਅਤੇ ਬਾਹਰਲੇ ਪ੍ਰਬੰਧ ਪੰਜਾਬ ਸਰਕਾਰ ਕਰੇਗੀ। ਇਹ ਵੀ ਤੈਅ ਹੋ ਗਿਆ ਸੀ ਕਿ ਮੁੱਖ ਸਮਾਗਮ ਵਿੱਚ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਨ, ਸਮਾਪਤੀ ਮੌਕੇ ਅਰਦਾਸ ਕਰਨ, ਹੁਕਮਨਾਮਾ ਲੈਣ ਅਤੇ ਕੜਾਹ-ਪ੍ਰਸ਼ਾਦ ਵਰਤਾਉਣ ਦੀ ਸੇਵਾ ਵੀ ਸ਼੍ਰੋਮਣੀ ਕਮੇਟੀ ਕਰੇਗੀ। ਉਨ੍ਹਾਂ ਨਾਲ ਹੀ ਕਿਹਾ ਕਿ ਮੁੱਖ ਸਮਾਗਮ ਦੀ ਰੂਪ-ਰੇਖਾ ਉਲੀਕਣ ਅਤੇ ਇਸ ਮੌਕੇ ਦੁਨੀਆ ਭਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੱਦਾ ਦੇਣ ਵਰਗੇ ਹੋਰ ਮਹੱਤਵਪੂਰਨ ਮਾਮਲਿਆਂ ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਵੀ ਮੁੱਖ ਮੰਤਰੀ ਛੇਤੀ ਹੀ ਅਕਾਲ ਤਖ਼ਤ ਦੇ ਜਥੇਦਾਰ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨਾਲ ਮੀਟਿੰਗ ਕਰਨਗੇ।
ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਦੀ ਪਹਿਲਕਦਮੀ ਸਦਕਾ ਹੋਈ ਇਸ ਮੀਟਿੰਗ ਦਾ ਪੂਰੇ ਸਿੱਖ ਜਗਤ ਵਿੱਚ ਚੰਗਾ ਪ੍ਰਭਾਵ ਗਿਆ ਸੀ ਕਿਉਂਕਿ ਹਰ ਗੁਰੂ ਨਾਨਕ ਨਾਮ ਲੇਵਾ ਪ੍ਰਾਣੀ ਇਹ ਚਾਹੁੰਦਾ ਹੈ ਕਿ ਪ੍ਰਕਾਸ਼ ਪੁਰਬ ਮਿਲ ਕੇ ਮਨਾਇਆ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਇਸ ਦੇ ਉਲਟ ਭਾਈ ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਅਕਾਲੀ ਦਲ ਦਾ ਪੱਖ ਪੂਰ ਰਹੇ ਹਨ। ਲੌਂਗੋਵਾਲ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਵਫ਼ਦ ਦਾ ਹਿੱਸਾ ਬਣ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪ੍ਰਕਾਸ਼ ਪੁਰਬ ਵਿਚ ਸ਼ਾਮਲ ਹੋਣ ਦਾ ਸੱਦਾ ਪੱਤਰ ਦੇਣ ਗਏ ਹਨ। ਉਨ੍ਹਾਂ ਕਿਹਾ ਕਿ ਭਾਈ ਲੌਗੋਵਾਲ ਦੀ ਇਸ ਕਾਰਵਾਈ ਨਾਲ ਸ਼੍ਰੋਮਣੀ ਕਮੇਟੀ ਦੇ ਵੱਕਾਰ ਨੂੰ ਠੇਸ ਪਹੁੰਚੀ ਹੈ ਤੇ ਇਤਿਹਾਸਕ ਦਿਹਾੜਾ ਰਲ-ਮਿਲ ਕੇ ਮਨਾਉਣ ਲਈ ਕੀਤੇ ਯਤਨਾਂ ਨੂੰ ਵੀ ਢਾਹ ਲੱਗੀ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਪੰਜਾਬ ਵਿਚ ਮਨਾਉਣ ਲਈ ਦੋ ਹੀ ਪ੍ਰਮੁੱਖ ਧਿਰਾਂ ਹਨ। ਇੱਕ ਲੋਕਾਂ ਦੁਆਰਾ ਚੁਣੀ ਹੋਈ ਪੰਜਾਬ ਸਰਕਾਰ ਤੇ ਦੂਜੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ। ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਦੀ ਇੱਛਾ ਇਹ ਹੈ ਕਿ ਇਹ ਇਤਿਹਾਸਕ ਦਿਹਾੜਾ ਦੋਵੇਂ ਧਿਰਾਂ ਅਕਾਲ ਤਖ਼ਤ ਸਾਹਿਬ ਦੀ ਰਹਿਨੁਮਾਈ ਹੇਠ ਰਲ ਕੇ ਮਨਾਉਣ ਪਰ ਹੁਣ ਕਮੇਟੀ ਨੇ ਸਿੱਖ ਪੰਥ ਦੀ ਨੁਮਾਇੰਦਾ ਜਥੇਬੰਦੀ ਵਜੋਂ ਆਪਣਾ ਫ਼ਰਜ਼ ਨਿਭਾਉਣ ਦੀ ਥਾਂ ਅਕਾਲੀ ਦਲ ਦੀ ਪਿੱਛਲਗ ਬਣ ਕੇ ਪੰਥ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਚੁੱਕੇ ਗਏ ਇਸ ਕਦਮ ਨਾਲ ਦੋਵਾਂ ਧਿਰਾਂ ਦਾ ਆਪਸੀ ਵਿਸ਼ਵਾਸ ਤਿੜਕਿਆ ਹੈ।
ਜਥੇਦਾਰ ਨੂੰ ਦੋਵਾਂ ਧਿਰਾਂ ਦੀ ਸਾਂਝੀ ਬੈਠਕ ਸੱਦਣ ਦੀ ਅਪੀਲ
ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸਰਕਾਰ ਨੂੰ ਮੁੱਖ ਸਮਾਗਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਮੂਲੀਅਤ ’ਤੇ ਕੋਈ ਇਤਰਾਜ਼ ਨਹੀਂ ਹੈ ਪਰ ਜਿਸ ਢੰਗ ਨਾਲ ਸ਼੍ਰੋਮਣੀ ਕਮੇਟੀ ਪ੍ਰਧਾਨ ਸੱਦਾ ਦੇ ਕੇ ਆਏ ਹਨ ਉਸ ਨਾਲ ਭਾਵਨਾਵਾਂ ਨੂੰ ਠੇਸ ਲੱਗੀ ਹੈ। ਬਿਹਤਰੀ ਇਸ ਵਿਚ ਸੀ ਕਿ ਪ੍ਰਧਾਨ ਮੰਤਰੀ ਨੂੰ ਮੁੱਖ ਮੰਤਰੀ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਾਂਝੇ ਤੌਰ ਉਤੇ ਸੱਦਾ ਦਿੰਦੇ। ਉਨ੍ਹਾਂ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਦੋਵੇਂ ਧਿਰਾਂ ਦੀ ਇੱਕ ਸਾਂਝੀ ਬੈਠਕ ਸੱਦਣ।
Related