ਚੰਡ੍ਹੀਗੜ੍ਹ, 22 ਜਨਵਰੀ (ਬੁਲੰਦ ਅਵਾਜ਼ ਬਿਊਰੋ) – ਸੂਬਾ ਸਰਕਾਰ ਨੇ ਪੰਜਾਬ ਦੇ ਆਬਕਾਰੀ ਵਿਭਾਗ ਦੇ ਇੰਸਪੈਕਟਰਾਂ ਅਤੇ ਅਧਿਕਾਰੀਆਂ ਨੂੰ ਵਿਸ਼ੇਸ਼ ਜੈਕਟਾਂ ਮੁਹੱਈਆ ਕਰਵਾਈਆਂ ਹਨ। ਹੁਣ ਸਾਰੇ ਅਧਿਕਾਰੀ ਨਾਕਾਬੰਦੀ ਅਤੇ ਛਾਪੇਮਾਰੀ ਦੌਰਾਨ ਇਸ ਜੈਕੇਟ ਦੀ ਵਰਤੋਂ ਕਰਨਗੇ। ਪੰਜਾਬ ਸਰਕਾਰ ਵੱਲੋਂ ਇੰਸਪੈਕਟਰਾਂ ਅਤੇ ਸੀਨੀਅਰ ਅਧਿਕਾਰੀਆਂ ਨੂੰ ਉਨ੍ਹਾਂ ਦੀ ਪਛਾਣ ਯਕੀਨੀ ਬਣਾਉਣ ਦੇ ਮਕਸਦ ਨਾਲ ਇਹ ਵਿਸ਼ੇਸ਼ ਕਿਸਮ ਦੀ ਜੈਕਟ ਦਿੱਤੀ ਗਈ ਹੈ। ਦੱਸ ਦੇਈਏ ਇਨ੍ਹਾਂ ਜੈਕਟਾਂ ‘ਤੇ ਪੰਜਾਬ ਸਰਕਾਰ ਅਤੇ ਸਪੈਸ਼ਲ ਆਪ੍ਰੇਸ਼ਨ ਗਰੁੱਪ (SOG) ਦਾ ਚਿੰਨ੍ਹ ਹੈ। ਨਾਲ ਹੀ, ਜੈਕੇਟ ਦੇ ਪਿਛਲੇ ਪਾਸੇ ਵਿਭਾਗ ਦਾ ਨਾਮ ਲਿਖਿਆ ਹੋਇਆ ਹੈ। ਆਬਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਵਿਭਾਗੀ ਅਧਿਕਾਰੀਆਂ ਨੂੰ ਰਾਤ ਸਮੇਂ ਅਤੇ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਦਫ਼ਤਰੀ ਪਹਿਰਾਵਾ ਨਾ ਹੋਣ ਕਾਰਨ ਕਾਰਵਾਈ ਕਰਨ ਸਮੇਂ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਇਨ੍ਹਾਂ ਜੈਕਟਾਂ ‘ਤੇ ਰਿਫਲੈਕਟਿਵ ਪੱਟੀਆਂ ਵੀ ਫਿੱਟ ਕੀਤੀਆਂ ਗਈਆਂ ਹਨ। ਆਬਕਾਰੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਲੰਬੇ ਸਮੇਂ ਤੋਂ ਅਜਿਹੀਆਂ ਸਰਕਾਰੀ ਜੈਕਟਾਂ ਜਾਂ ਵਰਦੀਆਂ ਨੂੰ ਲਾਗੂ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਹ ਸਰਕਾਰੀ ਜੈਕਟ ਮੁਹੱਈਆ ਕਰਵਾ ਕੇ ਇਸ ਮੰਗ ਨੂੰ ਪੂਰਾ ਕੀਤਾ। ਉਨ੍ਹਾਂ ਕਿਹਾ ਕਿ ਹੁਣ ਅਫਸਰਾਂ ਵੱਲੋਂ ਨਿਰਵਿਘਨ ਘੇਰਾਬੰਦੀ, ਤਲਾਸ਼ੀ ਅਤੇ ਜ਼ਬਤੀ ਅਪ੍ਰੇਸ਼ਨਾਂ ਨੂੰ ਆਸਾਨੀ ਨਾਲ ਯਕੀਨੀ ਬਣਾਇਆ ਜਾ ਸਕਦਾ ਹੈ। ਮੰਤਰੀ ਨੇ ਕਿਹਾ ਕਿ ਆਬਕਾਰੀ ਵਿਭਾਗ ਪੰਜਾਬ ਸਰਕਾਰ ਵੱਲੋਂ ਨਿਰਧਾਰਿਤ ਆਬਕਾਰੀ ਮਾਲੀਆ ਟੀਚਿਆਂ ਦੀ ਪ੍ਰਾਪਤੀ ਲਈ ਯਤਨਸ਼ੀਲ ਹੈ, ਇਸ ਤੋਂ ਇਲਾਵਾ ਗੁਆਂਢੀ ਰਾਜਾਂ ਤੋਂ ਸ਼ਰਾਬ ਦੀ ਤਸਕਰੀ ਨੂੰ ਰੋਕਣ ਅਤੇ ਨਾਜਾਇਜ਼ ਸ਼ਰਾਬ ਦੀ ਪੈਦਾਵਾਰ ਅਤੇ ਵਿਕਰੀ ਨੂੰ ਰੋਕਣ ਲਈ ਯਤਨਸ਼ੀਲ ਹੈ।
ਪੰਜਾਬ ‘ਚ ਇੰਸਪੈਕਟਰ ਤੇ ਅਧਿਕਾਰੀ ਨੂੰ ਦਿੱਤੀਆਂ ਗਈਆਂ ਵਿਸ਼ੇਸ਼ ਜੈਕਟਾਂ
