ਟੈਸਟਾਂ ਦੀ ਗਿਣਤੀ ਪ੍ਰਤੀ ਦਿਨ 30 ਹਜ਼ਾਰ ਕਰਨ ਦੇ ਆਦੇਸ਼
ਚੰਡੀਗੜ, ਪੰਜਾਬ ‘ਚ ਕੋਰੋਨਾ ਦੇ ਵਧ ਰਹੇ ਕੇਸਾਂ ‘ਤੇ ਚਿੰਤਾ ਵਧਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਦਰੂਨੀ ਤੇ ਬਾਹਰੀ ਇਕੱਠਾਂ ਉਪਰ ਬੰਦਿਸ਼ਾਂ ਲਾਉਂਦੇ ਹੋਏ ਇਕ ਮਾਰਚ ਤੋਂ ਅੰਦਰੂਨੀ ਇਕੱਠਾਂ ਦੀ ਗਿਣਤੀ 100 ਤੱਕ ਅਤੇ ਬਾਹਰੀ ਇਕੱਠਾਂ ਦੀ ਗਿਣਤੀ 200 ਤੱਕ ਸੀਮਤ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਮਾਸਕ/ਸਮਾਜਿਕ ਦੂਰੀ ਦਾ ਸਖ਼ਤੀ ਨਾਲ ਪਾਲਣ ਕਰਨ ਅਤੇ ਟੈਸਟਿੰਗ ਵੀ ਵਧਾ ਕੇ ਪ੍ਰਤੀ ਦਿਨ 30,000 ਤੱਕ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਉਚ-ਪੱਧਰੀ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਸਬੰਧਤ ਜ਼ਿਲਿਆਂ ਵਿੱਚ ਹਾਟ-ਸਪਾਟ ਇਲਾਕਿਆਂ ਵਿੱਚ ਲੋੜ ਪੈਣ ‘ਤੇ ਰਾਤ ਦਾ ਕਰਫ਼ਿਊ ਲਾਉਣ ਲਈ ਅਧਿਕਾਰਤ ਕੀਤਾ ਹੈ ਅਤੇ ਮਾਈਕ੍ਰੋ ਕੰਟੇਨਮੈਂਟ ਰਣਨੀਤੀ ਵੀ ਅਪਣਾਈ ਜਾਵੇਗੀ।
ਉਨਾਂ ਨੇ ਪੁਲੀਸ ਨੂੰ ਮਾਸਕ ਪਹਿਨਣ, ਸਾਰੇ ਰੈਸਟੋਰੈਂਟਾਂ ਤੇ ਮੈਰਿਜ ਪੈਲੇਸਾਂ ਵੱਲੋਂ ਕੋਵਿਡ ਨਿਗਰਾਨ ਲਾਉਣ ਬਾਰੇ ਜਾਰੀ ਨੋਟੀਫਿਕੇਸ਼ਨ ਦਾ ਸਖ਼ਤੀ ਨਾਲ ਪਾਲਣ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ ਹਨ ਅਤੇ ਇਸ ਉਦੇਸ਼ ਲਈ ਕਰ ਤੇ ਆਬਕਾਰੀ ਵਿਭਾਗ ਨੂੰ ਨੋਡਲ ਏਜੰਸੀ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸਿਨੇਮਾ ਘਰਾਂ ਵਿੱਚ ਗਿਣਤੀ ਘੱਟ ਕਰਨ ਦਾ ਫੈਸਲਾ ਇਕ ਮਾਰਚ ਤੋਂ ਬਾਅਦ ਲਿਆ ਜਾਵੇਗਾ। ਉਨਾਂ ਦੱਸਿਆ ਕਿ ਪ੍ਰਾਈਵੇਟ ਦਫ਼ਤਰਾਂ ਅਤੇ ਰੈਸਟੋਰੈਂਟਾਂ ਨੂੰ ਸਾਰੇ ਮੁਲਾਜ਼ਮਾਂ ਲਈ ਕਰੋਨਾ ਟੈਸਟਾਂ ਦੀ ਤਾਜ਼ਾ ਰਿਪੋਰਟ ਡਿਸਪਲੇਅ ਕਰਨ ਲਈ ਉਤਸ਼ਾਹਤ ਕੀਤਾ ਜਾਵੇਗਾ। ਟੈਸਟਿੰਗ ਵਧਾਉਣ ਦੇ ਆਦੇਸ਼ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਹਰੇਕ ਪਾਜ਼ੇਟਿਵ ਵਿਅਕਤੀ ਦੇ ਸੰਪਰਕ ਵਿੱਚ ਆਏ 15 ਵਿਅਕਤੀਆਂ ਦੀ ਲਾਜ਼ਮੀ ਟੈਸਟਿੰਗ ਕਰਵਾਉਣ ਦੇ ਹੁਕਮ ਦਿੱਤੇ ਹਨ ਅਤੇ ਇਸ ਦੀ ਨਿਗਰਾਨੀ ਸੀ.ਪੀ.ਟੀ.ਓਜ਼ ਵੱਲੋਂ ਕੀਤੀ ਜਾਵੇਗੀ ਜਦਕਿ ਸਿਹਤ ਵਿਭਾਗ ਪ੍ਰਗਤੀ ਦਾ ਜਾਇਜ਼ਾ ਲਵੇਗਾ। ਮੁੱਖ ਮੰਤਰੀ ਨੇ ਟੀਕਾਕਰਨ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸੂਚਨਾ, ਸਿੱਖਿਆ ਤੇ ਸੰਚਾਰ (ਆਈ.ਈ.ਸੀ.) ਮੁਹਿੰਮ ਜਾਰੀ ਰੱਖਣ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਕਿ ਸਾਰੇ ਸਿਹਤ ਸੰਭਾਲ ਕਾਮਿਆਂ ਅਤੇ ਮੂਹਰਲੀ ਕਤਾਰ ਦੇ ਵਰਕਰਾਂ ਨੂੰ ਟੀਕਾਕਰਨ ਲਈ ਪ੍ਰੇਰਿਤ ਕੀਤਾ ਜਾ ਸਕੇ। ਉਨਾਂ ਨੇ ਸਿਹਤ ਵਿਭਾਗ ਨੂੰ ਬਜ਼ੁਰਗ ਆਬਾਦੀ ਅਤੇ ਸਹਿ-ਬਿਮਾਰੀਆਂ ਨਾਲ ਪੀੜਤ ਵਸੋਂ ਲਈ ਵੈਕਸੀਨ ਵਾਸਤੇ ਵੀ ਰੂਪ-ਰੇਖਾ ਲਈ ਵੀ ਯੋਜਨਾ ਉਲੀਕਣ ਦੇ ਹੁਕਮ ਦਿੱਤੇ।