ਪੰਜਾਬ ਪੁਲਿਸ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਘਰ ਮਾਰਿਆ ਛਾਪਾ

16

ਚੰਡੀਗੜ੍ਹ 28 ਅਗਸਤ : ਪੁਲਿਸ ਦੀ ਇੱਕ ਟੀਮ ਨੇ ਸੂਬੇ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੇ ਘਰ ਚੰਡੀਗੜ੍ਹ ‘ਚ ਸ਼ੁੱਕਰਵਾਰ ਸਵੇਰੇ ਤੜਕੇ ਛਾਪਾ ਮਾਰਿਆ। ਉਸ ਸਮੇਂ ਸੈਣੀ ਘਰ ਨਹੀਂ ਸੀ। ਪੁਲਿਸ ਸੂਤਰਾਂ ਨੇ ਦੱਸਿਆ ਕਿ ਮੁਹਾਲੀ ਪੁਲਿਸ ਤੇ ਐਸਓਜੀ (ਸਪੈਸ਼ਲ ਆਪ੍ਰੇਸ਼ਨ ਗਰੁੱਪ) ਦੇ ਅਧਿਕਾਰੀ ਛਾਪੇਮਾਰੀ ਕਰਨ ਵਾਲੀ ਟੀਮ ਦਾ ਹਿੱਸਾ ਸੀ। ਮੁਹਾਲੀ ਦੇ ਡੀਐਸਪੀ-ਡਿਟੈਕਟਿਵ ਵਿਕਰਮਜੀਤ ਬਰਾੜ ਇਸ ਸੰਗਠਿਤ ਕ੍ਰਾਈਮ ਕੰਟਰੋਲ ਯੂਨਿਟ (ਓਸੀਸੀਯੂ) ਨਾਲ ਜੁੜੇ ਰਹੇ ਤੇ ਉਨ੍ਹਾਂ ਨੇ ਛਾਪੇ ਦੀ ਅਗਵਾਈ ਕੀਤੀ। ਦੱਸ ਦਈਏ ਕਿ ਮੁਹਾਲੀ ਦੀ ਇੱਕ ਅਦਾਲਤ ਨੇ ਬਲਵੰਤ ਸਿੰਘ ਮੁਲਤਾਨੀ ਦੇ ਗਾਇਬ ਹੋਣ ਦੇ ਕੇਸ ਵਿੱਚ ਸੈਣੀ ਦੀ ਜ਼ਮਾਨਤ ਅਰਜ਼ੀ ‘ਤੇ ਵੀਰਵਾਰ ਨੂੰ ਫੈਸਲਾ ਸੁਰੱਖਿਅਤ ਰੱਖਿਆ ਹੈ। ਹਾਲ ਹੀ ਵਿੱਚ ਅਦਾਲਤ ਨੇ ਸੈਣੀ ਖ਼ਿਲਾਫ਼ ਹੋਏ ਕੇਸ ਵਿੱਚ ਆਈਪੀਸੀ ਦੀ ਧਾਰਾ 302 ਵੀ ਸ਼ਾਮਲ ਕੀਤੀ। ਇਸ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਦੇ ਦੋ ਸਾਬਕਾ ਅਧਿਕਾਰੀਆਂ ਨੇ ਵਾਅਦਾ ਮਾਫ ਗਵਾਹ ਬਣੇ ਕੇ ਦੱਸਿਆ ਸੀ ਕਿ ਮੁਲਤਾਨੀ ਨੂੰ ਕਥਿਤ ਤੌਰ ‘ਤੇ ਕਿਵੇਂ ਚੁੱਕਿਆ ਗਿਆ, ਤਸੀਹੇ ਦਿੱਤੇ ਗਏ ਤੇ ਮਾਰਿਆ ਗਿਆ। ਮੁਲਤਾਨੀ ਪਰਿਵਾਰ ਵੱਲੋਂ ਮਾਮਲੇ ਦੀ ਪੈਰਵੀ ਕਰਨ ਤੋਂ ਬਾਅਦ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਮਾਮਲੇ ਦੀ ਸੀਬੀਆਈ ਜਾਂਚ ਦੇ ਆਦੇਸ਼ ਦਿੱਤੇ ਸੀ। ਹਾਲਾਂਕਿ, ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਆਦੇਸ਼ਾਂ ਨੂੰ ਰੱਦ ਕਰ ਦਿੱਤਾ ਸੀ।  ਬਹੁ-ਚਰਚਿਤ ਮੁਲਤਾਨੀ ਅਗਵਾ ਮਾਮਲੇ ‘ਚ ਸ਼ੁੱਕਰਵਾਰ ਨੂੰ ਮੋਹਾਲੀ ਅਦਾਲਤ ਨੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਨੂੰ ਰਾਹਤ ਦਿੰਦਿਆਂ ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ 1 ਸਤੰਬਰ ਤੱਕ ਰੋਕ ਲਾ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਵੱਲੋਂ ਸਾਬਕਾ ਡੀ. ਜੀ. ਪੀ. ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ‘ਤੇ 1 ਸਤੰਬਰ ਤੱਕ ਲਈ ਫ਼ੈਸਲਾ ਰਾਖਵਾਂ ਰੱਖ ਲਿਆ ਗਿਆ ਹੈ। ਇਸ ਤੋਂ ਪਹਿਲਾਂ ‘ਸਿੱਟ’ (ਵਿਸ਼ੇਸ਼ ਜਾਂਚ ਟੀਮ) ਵੱਲੋਂ ਸੁਮੇਧ ਸਿੰਘ ਸੈਣੀ ਦੀ ਗ੍ਰਿਫ਼ਤਾਰੀ ਲਈ ਉਨ੍ਹਾਂ ਦੀ ਸੈਕਟਰ-20 ਸਥਿਤ ਰਿਹਾਇਸ਼ ਵਿਖੇ ਛਾਪੇਮਾਰੀ ਕੀਤੀ ਗਈ ਸੀ। ਮੋਹਾਲੀ ਦੀ ਵਿਸ਼ੇਸ਼ ਅਦਲਾਤ ਵੱਲੋਂ ਸੈਣੀ ਦੀ ਗ੍ਰਿਫ਼ਤਾਰੀ ‘ਤੇ ਲਾਈ ਰੋਕ ਹਟਾ ਦਿੱਤੀ ਗਈ ਸੀ, ਜਿਸ ਤੋਂ ਬਾਅਦ ਉਕਤ ਛਾਪੇਮਾਰੀ ਕੀਤੀ ਗਈ ਪਰ ਹੁਣ ਮੋਹਾਲੀ ਅਦਾਲਤ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ ਅਗਲੇ ਮਹੀਨੇ ਤੱਕ ਰੋਕ ਲਾ ਦਿੱਤੀ ਗਈ ਹੈ।

Italian Trulli