ਬਰਗਾੜੀ ਬੇਅਦਬੀ ਦਾ ਮੁੱਖ ਦੋਸ਼ੀ ਮਹਿੰਦਰਪਾਲ ਬਿੱਟੂ ਨੂੰ ਨਵੀਂ ਨਾਭਾ ਜੇਲ੍ਹ ਵਿਚ ਮਾਰਿਆ ਗਿਆ

ਬਰਗਾੜੀ ਬੇਅਦਬੀ ਦਾ ਮੁੱਖ ਦੋਸ਼ੀ ਮਹਿੰਦਰਪਾਲ ਬਿੱਟੂ ਨੂੰ ਨਵੀਂ ਨਾਭਾ ਜੇਲ੍ਹ ਵਿਚ ਮਾਰਿਆ ਗਿਆ

ਨਾਭਾ, ਪਟਿਆਲਾ: ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਮੱਲ ਕੇ ਅਤੇ ਗੁਰੂਸਰ ਜਲਾਲ ਪਿੰਡਾਂ ਵਿਚ ਗੁਰੂ ਗ੍ਰੰਥ ਸਾਹਿਬ ਜੀ ਦੀ ਘੋਰ ਬੇਅਦਬੀ ਕਰਨ ਦੇ ਮਾਮਲਿਆਂ ਦੇ ਮੁੱਖ ਦੋਸ਼ੀ ਮਹਿੰਦਰਪਾਲ ਬਿੱਟੂ ਨੂੰ ਸ਼ਨਿੱਚਰਵਾਰ (22 ਜੂਨ) ਦੀ ਸ਼ਾਮ ਨੂੰ ਨਵੀਂ ਨਾਭਾ ਜੇਲ੍ਹ ਵਿਚ ਮਾਰ ਦਿੱਤਾ ਗਿਆ। ਪਤਾ ਲੱਗਾ ਹੈ ਕਿ ਗੁਰੂ ਦੋਖੀ ਮਹਿੰਦਰਪਾਲ ਬਿੱਟੂ ਨੂੰ ਜੇਲ੍ਹ ਵਿਚ ਹੀ ਨਜ਼ਰਬੰਦ ਦੋ ਹੋਰਨਾਂ ਕੈਦੀਆਂ ਵੱਲੋਂ ਮਾਰਿਆ ਗਿਆ।

ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਇਕ ਲਿਖਤੀ ਬਿਆਨ ਰਾਹੀਂ ਇਸ ਮਾਮਲੇ ਦੀ ਪੜਤਾਲ ਕਰਨ ਲਈ ਇਕ ਜਾਂਚ ਬਿਠਾਉਣ ਦਾ ਐਲਾਨ ਕੀਤਾ। ਮੁੱਖ ਮੰਤਰੀ ਦਫਤਰ ਵੱਲੋਂ ਜਾਰੀ ਹੋਏ ਬਿਆਨ (ਜਿਸ ਦੀ ਨਕਲ ਸਿੱਖ ਸਿਆਸਤ ਕੋਲ ਮੌਜੂਦ ਹੈ) ਵਿਚ ਕਿਹਾ ਗਿਆ ਹੈ ਕਿ “ਏ.ਡੀ.ਜੀ.ਪੀ. ਜੇਲ੍ਹਾਂ ਰੋਹਿਤ ਚੌਧਰੀ ਤੱਥਾਂ ਦੀ ਪੜਤਾਲ ਕਰਨ ਵਾਲੀ ਕਮੇਟੀ ਦੇ ਮੁਖੀ ਹੋਣਗੇ ਅਤੇ ਕਮੇਟੀ ਨੂੰ ਤਿੰਨ ਦਿਨਾਂ ਦੇ ਵਿੱਚ ਆਪਣੀ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ”।

ਪੁਲਿਸ ਹਿਰਾਸਤ ਵਿਚ ਮਹਿੰਦਰਪਾਲ ਬਿੱਟੂ ਦੀ ਪੁਰਾਣੀ ਤਸਵੀਰ

ਬਿਆਨ ਵਿਚ ਕਿਹਾ ਗਿਆ ਹੈ ਕਿ ਉਕਤ ਜਾਂਚ ਮਹਿੰਦਰਪਾਲ ਬਿੱਟੂ ਦੀ ਮੌਤ ਬਾਰੇ ਹੋਣ ਵਾਲੀ ਲਾਜ਼ਮੀ ਜੂਡੀਸ਼ੀਅਲ ਪੜਤਾਲ ਤੋਂ ਇਲਾਵਾ ਹੋਵੇਗੀ।

ਸਰਕਾਰੀ ਬਿਆਨ ਮੁਤਾਬਕ ਇਹ ਘਟਨਾ ਸ਼ਾਮ 5:15 ਵਜੇ ਉਸੇ ਵੇਲੇ ਵਾਪਰੀ ਜਦੋਂ ਮਹਿੰਦਰਪਾਲ ਬਿੱਟੂ ‘ਤੇ ਹੋਰਨਾਂ ਕੈਦੀਆਂ ਨੇ ਹਮਲਾ ਕਰ ਦਿੱਤਾ। ਉਸ ਨੂੰ ਨਾਭਾ ਦੇ ਸਿਵਲ ਹਸਪਤਾਲ ਵਿੱਚ ਲਿਜਾਇਆ ਗਿਆ ਜਿੱਥੇ ਉਸ ਨੂੰ ਮਰਿਆ ਹੋਇਆ ਐਲਾਨ ਦਿੱਤਾ ਗਿਆ।

ਬਿਆਨ ਵਿਚ ਕਿਹਾ ਗਿਆ ਹੈ ਕਿ ਮੁਢਲੀ ਜਾਂਚ-ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਫ਼ਰੀਦਕੋਟ ਦੇ ਬਿੱਟੂ (49) ‘ਤੇ ਗੁਰਸੇਵਕ ਸਿੰਘ ਅਤੇ ਮਨਿੰਦਰ ਸਿੰਘ ਵੱਲੋਂ ਹਮਲਾ ਕੀਤਾ ਗਿਆ ਹੈ ਜੋ ਇਕ ਕਤਲ ਕੇਸ ਵਿੱਚ ਜੇਲ੍ਹ ‘ਚ ਨਜ਼ਰਬੰਦ ਸਨ।

Bulandh-Awaaz

Website: