ਲੁਧਿਆਣਾ, 8 ਜੁਲਾਈ (ਬੁਲੰਦ ਆਵਾਜ ਬਿਊਰੋ) – ਇੱਥੋਂ ਦੀ ਇੱਕ ਅਦਾਲਤ ਨੇ 44 ਸਾਲ ਦੀ ਔਰਤ ਦੀ ਸ਼ਿਕਾਇਤ ’ਤੇ ਸਥਾਨਕ ਪੁਲੀਸ ਨੂੰ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਜਬਰ-ਜਨਾਹ ਦਾ ਕੇਸ ਦਰਜ ਕਰਨ ਦੇ ਹੁਕਮ ਦਿੱਤੇ ਹਨ। ਸਿਮਰਜੀਤ ਬੈਂਸ ਆਤਮ ਨਗਰ ਹਲਕੇ ਤੋਂ ਵਿਧਾਇਕ ਹਨ। ਇਸ ਔਰਤ ਨੇ ਪਿਛਲੇ ਸਾਲ 16 ਨਵੰਬਰ ਨੂੰ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਨੂੰ ਵਿਧਾਇਕ ਬੈਂਸ ਖ਼ਿਲਾਫ਼ ਜਬਰ ਜਨਾਹ ਦਾ ਕੇਸ ਦਰਜ ਕਰਨ ਲਈ ਸ਼ਿਕਾਇਤ ਕੀਤੀ ਸੀ। ਉਸ ਨੇ ਇਨਸਾਫ਼ ਦੀ ਮੰਗ ਨੂੰ ਲੈ ਕੇ ਪੁਲੀਸ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਲੰਮਾ ਸਮਾਂ ਧਰਨਾ ਵੀ ਦਿੱਤਾ। ਪੁਲੀਸ ਵੱਲੋਂ ਕਾਰਵਾਈ ਨਾ ਕੀਤੇ ਜਾਣ ਤੇ ਉਸ ਨੇ ਅਦਾਲਤ ਦਾ ਦਰਵਾਜਾ ਖੜਕਾਇਆ। ਐਡੀਸ਼ਨਲ ਚੀਫ਼ ਜੁਡੀਸ਼ਲ ਮੈਜਿਸਟ੍ਰੇਟ ਹਰਸਿਮਰਨਜੀਤ ਸਿੰਘ ਨੇ ਅੱਜ ਪੁਲੀਸ ਨੂੰ ਹੁਕਮ ਜਾਰੀ ਕੀਤੇ ਹਨ ਕਿ ਔਰਤ ਦੀ ਸ਼ਿਕਾਇਤ ਦੇ ਆਧਾਰ ’ਤੇ ਕੇਸ ਦਰਜ ਕਰ ਕੇ 15 ਜੁਲਾਈ ਤੱਕ ਅਦਾਲਤ ਨੂੰ ਜਵਾਬ ਦਿੱਤਾ ਜਾਵੇ।