31.9 C
Amritsar
Sunday, May 28, 2023

ਬਹਿਬਲ-ਕੋਟਕਪੂਰਾ ਗੋਲੀ ਕਾਂਡ: ਬਾਦਲਾਂ ਦੇ ਕਰੀਬੀ ਜੱਜਾਂ ਤੋਂ ਸੁਣਵਾਈ ਨਾ ਕਰਾਉਣ ਲਈ ਸਿੱਟ ਨੇ ਸੈਸ਼ਨ ਜੱਜ ਨੂੰ ਅਪੀਲ ਕੀਤੀ

Must read

ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਨੂੰ ਕੁਝ ਕੇਸਾਂ ’ਚ ਮੁਲਜ਼ਮ ਵਜੋਂ ਸ਼ਾਮਲ ਕੀਤਾ ਜਾ ਸਕਦਾ ਹੈ

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸ਼ਾਂਤਮਈ ਰੋਸ ਮੁਜ਼ਾਹਰਾ ਕਰ ਰਹੀਆਂ ਸਿੱਖ ਸੰਗਤਾਂ ‘ਤੇ ਪੁਲਸ ਵੱਲੋਂ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਚਲਾਈ ਗੋਲੀ ਦੇ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਦੇ ਮੁਖੀ ਆਈਜੀ ਕੁੰਵਰ ਵਿਜੈ ਪ੍ਰਤਾਪ ਨੇ ਫਰੀਦਕੋਟ ਦੇ ਸੈਸ਼ਨ ਜੱਜ ਨੂੰ ਲਿਖਤੀ ਸ਼ਿਕਾਇਤ ਦੇ ਕੇ ਕਿਹਾ ਕਿ ਬੇਅਦਬੀ ਕਾਂਡ ਨਾਲ ਸਬੰਧਤ ਕੁਝ ਕੇਸਾਂ ਦੀ ਸੁਣਵਾਈ ਅਜਿਹੇ ਜੱਜਾਂ ਨੂੰ ਸੌਂਪੀ ਗਈ ਹੈ, ਜੋ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਪਰਿਵਾਰਕ ਮੈਂਬਰ ਅਤੇ ਬੇਹੱਦ ਕਰੀਬੀ ਹਨ।

ਨਸ਼ਰ ਹੋਈ ਚਿੱਠੀ ਵਿਚ ਆਈਜੀ ਕੰਵਰ ਵਿਜੈ ਪ੍ਰਤਾਪ ਸਿੰਘ ਨੇ ਜ਼ਿਲ੍ਹਾ ਅਟਾਰਨੀ ਰਾਹੀਂ ਕਾਰਜਕਾਰੀ ਸੈਸ਼ਨ ਜੱਜ ਫਰੀਦਕੋਟ ਦੀ ਅਦਾਲਤ ’ਚ ਅਰਜ਼ੀ ਦੇ ਕੇ ਖੁਲਾਸਾ ਕੀਤਾ ਹੈ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਕੋਟਕਪੂਰਾ ਅਤੇ ਬਹਿਬਲ ਗੋਲੀ ਕਾਂਡ ਵਾਪਰੇ ਸਨ, ਜਿਸ ’ਚ ਵਿਸ਼ੇਸ਼ ਜਾਂਚ ਟੀਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਪੁੱਛਗਿੱਛ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਪ੍ਰਕਾਸ਼ ਸਿੰਘ ਬਾਦਲ ਨੂੰ ਕੁਝ ਕੇਸਾਂ ’ਚ ਮੁਲਜ਼ਮ ਵਜੋਂ ਸ਼ਾਮਲ ਕੀਤਾ ਜਾ ਸਕਦਾ ਹੈ। ਕੰਵਰ ਵਿਜੈ ਪ੍ਰਤਾਪ ਸਿੰਘ ਨੇ ਕਿਹਾ ਕਿ ਫ਼ਰੀਦਕੋਟ ਦੇ ਇੱਕ ਅਜਿਹੇ ਜੱਜ ਨੂੰ ਇਨ੍ਹਾਂ ਕੇਸਾਂ ਦੀ ਸੁਣਵਾਈ ਦਿੱਤੀ ਗਈ ਹੈ, ਜੋ ਬਾਦਲਾਂ ਦਾ ਪਰਿਵਾਰਕ ਮੈਂਬਰ ਅਤੇ ਕਰੀਬੀ ਦੋਸਤ ਹੈ।

ਸੂਤਰਾਂ ਅਨੁਸਾਰ ਕਾਰਜਕਾਰੀ ਸੈਸ਼ਨ ਜੱਜ ਫ਼ਰੀਦਕੋਟ ਨੇ ਸੁਣਵਾਈ ਕਰਨ ਵਾਲੇ ਜੱਜ ਹਰਵਿੰਦਰ ਸਿੰਘ ਸਿੰਧੀਆ ਨੂੰ ਪੱਤਰ ਭੇਜ ਕੇ ਆਈਜੀ ਕੰਵਰ ਵਿਜੇ ਪ੍ਰਤਾਪ ਵੱਲੋਂ ਦਿੱਤੀ ਗਈ ਸ਼ਿਕਾਇਤ ’ਤੇ ਲਿਖਤੀ ਟਿੱਪਣੀ ਕਰਨ ਲਈ ਕਿਹਾ ਹੈ। ਸੈਸ਼ਨ ਜੱਜ ਫ਼ਰੀਦਕੋਟ ਕੰਵਰ ਵਿਜੇ ਪ੍ਰਤਾਪ ਦੀ ਅਰਜ਼ੀ ’ਤੇ 29 ਜੂਨ ਨੂੰ ਦੁਬਾਰਾ ਸੁਣਵਾਈ ਕਰਨਗੇ। ਆਈਜੀ ਕੰਵਰ ਵਿਜੈ ਪ੍ਰਤਾਪ ਸਿੰਘ ਨੇ ਇਸ ਬਾਰੇ ਜਾਣਕਾਰੀ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਮਾਮਲਾ ਅਦਾਲਤ ਦੇ ਵਿਚਾਰ ਅਧੀਨ ਹੈ।

ਧੰਨਵਾਦ ਸਹਿਤ ਅੰਮ੍ਰਿਤਸਰ ਟਾਈਮਜ਼

- Advertisement -spot_img

More articles

- Advertisement -spot_img

Latest article