More

    ਬਿਆਸ ਵਿਖੇ 10 ਕਰੋੜ ਦੀ ਲਾਗਤ ਨਾਲ ਬਣੇਗੀ ਆਈ.ਟੀ.ਆਈ. – ਚੰਨੀ

    ਬੇਅਦਬੀ ਮਾਮਲਿਆਂ ਦੇ ਅਸਲ ਦੋਸ਼ੀ ਛੇਤੀ ਗਿ੍ਫਤ ਵਿਚ ਹੋਣਗੇ

    ਬਿਆਸ, 20 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਕਿ ਪੰਜਾਬ ਨਾਲ ਸਬੰਧਤ ਸਾਰੇ ਮੁੱਦਿਆਂ ਨੂੰ ਇੱਕ-ਇੱਕ ਕਰਕੇ ਹੱਲ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਦਾ ਅਗਲਾ ਟੀਚਾ ‘ਕੇਬਲ ਨੈੱਟਵਰਕ’ ਹੈ ਅਤੇ ਇਸ ਸਬੰਧ ਵਿੱਚ ਜਲਦੀ ਹੀ ਕਾਰਵਾਈ ਕੀਤੀ ਜਾਵੇਗੀ। ਕਲਿਆਣਕਾਰੀ ਪਹਿਲਕਦਮੀਆਂ ਅਤੇ ਸਕੀਮਾਂ ਪ੍ਰਤੀ ਆਪਣੇ ਦ੍ਰਿੜ ਸੰਕਲਪ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਸ੍ੀ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਹੱਤਵਪੂਰਨ ਸੈਕਟਰਾਂ ਖਾਸ ਤੌਰ ‘ਤੇ ਬਿਜਲੀ, ਰੇਤਾ ਅਤੇ ਬਜਰੀ ਦੀ ਸਸਤੀ ਦਰਾਂ ‘ਤੇ ਨਿਰਵਿਘਨ ਸਪਲਾਈ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ, ਬਿਜਲੀ ਦਰਾਂ ਵਿੱਚ ਕਟੌਤੀ ਕਰਨ ਸਮੇਤ ਕਈ ਲੋਕ ਪੱਖੀ ਕਦਮ ਚੁੱਕੇ ਹਨ। ਬਿਜਲੀ ਦਰ 3 ਰੁਪਏ ਪ੍ਰਤੀ ਯੂਨਿਟ ਘੱਟ ਕੀਤੀ ਹੈ। ਬਿਆਸ ਵਿਖੇ ਹਲਕਾ ਵਿਧਾਇਕ ਸ ਸੰਤੋਖ ਸਿੰਘ ਭਲਾਈਪੁਰ ਵੱਲੋਂ ਕਰਵਾਈ ਭਰਵੀਂ ਰੈਲੀ ਨੂੰ ਸੰਬੋਧਨ ਕਰਦੇ ਉਨ੍ਹਾਂ ਕਿਹਾ ਕਿ ਨਸ਼ਿਆਂ ਅਤੇ ਬੇਅਦਬੀ ਦੇ ਮਾਮਲਿਆਂ ਨੂੰ ਵੀ ਪਹਿਲ ਦੇ ਆਧਾਰ ‘ਤੇ ਲਿਆ ਜਾ ਰਿਹਾ ਹੈ ਤਾਂ ਜੋ ਅਸਲ ਦੋਸ਼ੀਆਂ ਦਾ ਪਰਦਾਫਾਸ਼ ਕਰਕੇ ਜਲਦ ਤੋਂ ਜਲਦ ਕਾਨੂੰਨ ਦੇ ਕਟਹਿਰੇ ‘ਚ ਲਿਆਂਦਾ ਜਾ ਸਕੇ।

    ਸੱਤਾ ਦੇ ਮੁੱਦੇ ‘ਤੇ ਲੋਕਾਂ ਨੂੰ ਮੂਰਖ ਬਣਾਉਣ ਲਈ ਅਕਾਲੀ-ਭਾਜਪਾ ਗਠਜੋੜ ‘ਤੇ ਵਰ੍ਹਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਝੂਠੇ ਵਾਅਦੇ ਕਰਕੇ ਪੰਜਾਬੀਆਂ ਨੂੰ ਗੁੰਮਰਾਹ ਕੀਤਾ ਹੈ। ਉਨ੍ਹਾਂ ਕਿਹਾ ਕਿ ਜੋ ਬਿਜਲੀ ਅਸੀਂ 2.38 ਰੁਪਏ ਦੀ ਦਰ ਨਾਲ ਖਰੀਦ ਰਹੇ ਹਾਂ ਅਕਾਲੀ ਸਰਕਾਰ ਉਹ 17.38 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਖਰੀਦ ਰਹੀ ਸੀ। ਇਸ ਤਰ੍ਹਾਂ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਸਰਕਾਰੀ ਖਜ਼ਾਨੇ ਨੂੰ ਕਰੋੜਾਂ ਰੁਪਏ ਦਾ ਭਾਰੀ ਨੁਕਸਾਨ ਪਹੁੰਚਾਇਆ ਹੈ। ਪੀਪੀਏ ਅਤੇ ਸੂਰਜੀ ਊਰਜਾ ਸਮਝੌਤਿਆਂ ਦੀ ਆੜ ਹੇਠ 1700 ਕਰੋੜ ਰੁਪਏ ਸਾਲਾਨਾ ਦਾ ਸਰਕਾਰ ਨੂੰ ਚੂਨਾ ਅਕਾਲੀ ਭਾਜਪਾ ਸਰਕਾਰ ਲਗਾਉਂਦੀ ਰਹੀ ਹੈ, ਜੋ ਕਿ ਮੌਜੂਦਾ ਸਰਕਾਰ ਦੁਆਰਾ ਵੱਡੇ ਜਨਤਕ ਹਿੱਤਾਂ ਵਿੱਚ ਰੱਦ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕੇਬਲ ਨੈਟਵਰਕ ਦੇ ਨਾਲ-ਨਾਲ ਬੇਅਦਬੀ ਦੇ ਮਾਮਲਿਆਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਜਾ ਰਿਹਾ ਹੈ ਅਤੇ ਜਲਦੀ ਹੀ ਠੋਸ ਕਾਰਵਾਈ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਆਮ ਲੋਕਾਂ ਨੂੰ ਰਾਹਤ ਪ੍ਰਦਾਨ ਕੀਤੀ ਜਾ ਸਕੇ ਅਤੇ ਅਸਲ ਦੋਸ਼ੀਆਂ ਨੂੰ ਫੜਿਆ ਜਾ ਸਕੇ।

    ਕਾਲੇ ਖੇਤੀ ਕਾਨੂੰਨਾਂ ‘ਤੇ ਕੇਂਦਰ ‘ਤੇ ਦੋਸ਼, ਭਵਿੱਖ ‘ਚ ਵੀ ਸੁਚੇਤ ਰਹਿਣ ਦੀ ਲੋੜ

    ਤਿੰਨ ਖੇਤੀ ਕਾਨੂੰਨਾਂ ‘ਤੇ ਕੇਂਦਰ ਸਰਕਾਰ ‘ਤੇ ਵਰਦੇ ਮੁੱਖ ਮੰਤਰੀ ਚੰਨੀ ਨੇ ਜ਼ੋਰ ਦੇ ਕੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਾਲੇ ਕਾਨੂੰਨਾਂ ਨੂੰ ਵਾਪਸ ਲੈ ਕੇ ਕੁਝ ਵੀ ਅਸਾਧਾਰਨ ਨਹੀਂ ਕੀਤਾ ਬਲਕਿ ਇਸ ਵਿੱਚ ਜਾਣਬੁੱਝ ਕੇ ਬਹੁਤ ਦੇਰੀ ਕੀਤੀ ਗਈ ਸੀ। ਕਿਸਾਨਾਂ ਨੇ ਅੰਦੋਲਨ ਦੌਰਾਨ ਬਹੁਤ ਦੁੱਖ ਝੱਲੇ ਅਤੇ ਇਸ ਸੰਘਰਸ਼ ਵਿੱਚ ਆਪਣੀਆਂ ਜਾਨਾਂ ਵੀ ਗਵਾਈਆਂ। ਉਨ੍ਹਾਂ ਲੋਕਾਂ ਨੂੰ ਇਨ੍ਹਾਂ ਪਾਰਟੀਆਂ ਦੇ ਨਾਪਾਕ ਮਨਸੂਬਿਆਂ ਤੋਂ ਸੁਚੇਤ ਰਹਿਣ ਦੀ ਚਿਤਾਵਨੀ ਵੀ ਦਿੱਤੀ।

    ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਲਈ ਪੰਜ ਕਰੋੜ ਅਤੇ ਪੰਚਾਇਤਾਂ ਲਈ 10 ਕਰੋੜ ਦੇਣ ਦਾ ਐਲਾਨ

    ਬਿਆਸ, ਬਾਬਾ ਬਕਾਲਾ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਹੁਲਾਰਾ ਦੇਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਸ੍ਰੀ ਚੰਨੀ ਨੇ ਕਿਹਾ ਕਿ ਬਿਆਸ ਵਿਖੇ 10 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਆਈ.ਟੀ.ਆਈ. ਜਲਦੀ ਹੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਨੇ ਵਿਧਾਨ ਸਭਾ ਹਲਕੇ ਦੀਆਂ ਪੰਚਾਇਤਾਂ ਲਈ 10 ਕਰੋੜ ਅਤੇ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਲਈ 5 ਕਰੋੜ ਰੁਪਏ ਵਿਕਾਸ ਕਾਰਜਾਂ ਲਈ ਦੇਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਰਈਆ ਦੇ ਵਿਕਾਸ ਕਾਰਜਾਂ ਲਈ 2 ਕਰੋੜ ਰੁਪਏ ਦੇਣ ਦੇ ਨਾਲ-ਨਾਲ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਰਈਆ ਤੋਂ ਡੇਰਾ ਬਾਬਾ ਨਾਨਕ ਤੱਕ ਚਾਰ ਮਾਰਗੀ ਸੜਕੀ ਸੰਪਰਕ ਲਈ ਜ਼ਮੀਨ ਐਕੁਆਇਰ ਕਰਨ ਦੇ ਬਦਲੇ ਵਾਜਬ ਦਰ ਨਾਲ ਇੱਕ ਵਿਸਥਾਰਤ ਪ੍ਰਸਤਾਵ ਤਿਆਰ ਕਰਨ ਲਈ ਕਿਹਾ। ਉਨ੍ਹਾਂ ਬਾਬਾ ਬਕਾਲਾ ਅਤੇ ਸਠਿਆਲਾ ਮੰਡੀਆਂ ਲਈ ਸ਼ੈੱਡਾਂ ਦਾ ਐਲਾਨ ਕਰਨ ਤੋਂ ਇਲਾਵਾ ਇਲਾਕੇ ਵਿੱਚ 10 ਕਿਲੋਮੀਟਰ ਲੰਬੀਆਂ ਸੜਕਾਂ ਅਤੇ ਢੁਕਵੀਂ ਥਾਂ ’ਤੇ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਤਰਸੇਮ ਸਿੰਘ ਡੀ.ਸੀ., ਮਾਰਕੀਟ ਕਮੇਟੀਆਂ ਦੇ ਚੇਅਰਮੈਨ ਬਲਕਾਰ ਸਿੰਘ, ਪਿੰਦਰਜੀਤ ਸਿੰਘ, ਗੁਰਦਿਆਲ ਸਿੰਘ ਢਿੱਲੋਂ ਅਤੇ ਯੁਵਰਾਜ ਸਿੰਘ ਆਦਿ ਹਾਜ਼ਰ ਸਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img