ਬੇਅਦਬੀ ਦੀਆਂ ਘਟਨਾਵਾਂ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦੇਣ ਪ੍ਰਤੀ ਸਰਕਾਰਾਂ ਦੀ ਗੈਰ ਸੰਜੀਦਗੀ ਦਾ ਨਤੀਜਾ – ਦਮਦਮੀ ਟਕਸਾਲ

52

ਬੇਅਦਬੀ ਦੀਆਂ ਹਿਰਦੇਵੇਧਕ ਘਟਨਾਵਾਂ ਨੂੰ ਨਾ ਰੋਕਿਆ ਗਿਆ ਤਾਂ ਪੰਜਾਬ ਦਾ ਮਾਹੌਲ ਵਿਗੜੇਗਾ ਜਿਸ ਲਈ ਕੇਂਦਰ ਅਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ

Italian Trulli

ਅੰਮ੍ਰਿਤਸਰ, 28 ਜੂਨ (ਗਗਨ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੀਆਂ ਹਿਰਦੇਵੇਧਕ ਘਟਨਾਵਾਂ ਨੂੰ ਨਾ ਰੋਕਿਆ ਗਿਆ ਤਾਂ ਪੰਜਾਬ ਦਾ ਮਾਹੌਲ ਵਿਗੜੇਗਾ ਜਿਸ ਲਈ ਕੇਂਦਰ ਅਤੇ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਜ਼ਿਲ੍ਹਾ ਸੰਗਰੂਰ ਦੇ ਪਿੰਡ ਜੌਲੀਆਂ ਵਿਖੇ ਇੱਕ ਔਰਤ ਵੱਲੋਂ ਗੁਰੂ ਘਰ ਅੰਦਰ ਦਰਬਾਰ ਸਾਹਿਬ ਨੂੰ ਅੱਗ ਲਗਾਉਣ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ। ਪ੍ਰੋ: ਸਰਚਾਂਦ ਸਿੰਘ ਮੁਤਾਬਕ ਦਮਦਮੀ ਟਕਸਾਲ ਮੁਖੀ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਨੇ ਬੇਅਦਬੀ ਦੀਆਂ ਘਟਨਾਵਾਂ ਨੂੰ ਕਦੀ ਵੀ ਗੰਭੀਰਤਾ ਨਾਲ ਨਹੀਂ ਲਿਆ, ਨਾ ਹੀ ਸੰਬੰਧਿਤ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦਿੱਤੀਆਂ ਗਈਆਂ ਹਨ, ਸਰਕਾਰਾਂ ਦੀਆਂ ਇਨ੍ਹਾਂ ਅਣਗਹਿਲੀਆਂ ਅਤੇ ਗੈਰ ਸੰਜੀਦਗੀ ਦਾ ਇਹ ਨਤੀਜਾ ਹੈ ਕਿ ਸਮਾਜ ਵਿਰੋਧੀ ਤੇ ਫੁਟਪਾਊ ਅਨਸਰਾਂ ਵੱਲੋਂ ਸਿੱਖ ਹਿਰਦਿਆਂ ਨੂੰ ਠੇਸ ਪਹੁੰਚਾਉਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਲਗਾਤਾਰ ਬੇਅਦਬੀਆਂ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਘੜੀਆਂ ਜਾ ਰਹੀਆਂ ਅਜਿਹੀਆਂ ਡੂੰਘੀਆਂ ਸਾਜ਼ਿਸ਼ਾਂ ਨਾਲ ਪੰਜਾਬ ਅੰਦਰ ਖਾਨਾਜੰਗੀ ਵਾਲੇ ਹਾਲਾਤ ਪੈਦਾ ਹੋ ਰਿਹਾ ਹੈ। ਜੋ ਕਿ ਦੇਸ਼ ਕੌਮ ਦੇ ਹਿਤ ਵਿਚ ਨਹੀਂ ਹੋਵੇਗਾ। ਉਨ੍ਹਾਂ ਸਰਕਾਰ ਨੂੰ ਬੇਅਦਬੀ ਮਾਮਲਿਆਂ ’ਚ ਸਖ਼ਤ ਕਾਰਵਾਈ ਕਰਨ ਲਈ ਕਿਹਾ ਤਾਂ ਜੋ ਦੁਬਾਰਾ ਕੋਈ ਅਜਿਹਾ ਕਰਨ ਦੀ ਹਿੰਮਤ ਨਾ ਕਰੇ। ਉਨ੍ਹਾਂ ਕਿਹਾ ਕਿ ਇਨ੍ਹਾਂ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਲੁਕੀਆਂ ਸ਼ਕਤੀਆਂ ਨੂੰ ਸਾਹਮਣੇ ਲਿਆਉਣਾ ਜ਼ਰੂਰੀ ਹੈ। ਦਮਦਮੀ ਟਕਸਾਲ ਦੇ ਮੁਖੀ ਨੇ ਕਸ਼ਮੀਰ ਵਾਦੀ ਵਿਚ ਦੋ ਸਿੱਖ ਕੁੜੀਆਂ ਨੂੰ ਅਗਵਾ ਕਰ ਕੇ ਧਰਮ ਪਰਿਵਰਤਨ ਕਰਾ ਕੇ ਇਕ ਨਾਲ ਨਿਕਾਹ ਕਰਨ ਦੀ ਕੋਸ਼ਿਸ਼ ਦਾ ਵੀ ਸਖ਼ਤ ਨੋਟਿਸ ਲਿਆ ਅਤੇ ਕਿਹਾ ਕਿ ਕਸ਼ਮੀਰ ਹੁਣ ਪੂਰੀ ਤਰਾਂ ਭਾਰਤ ਸਰਕਾਰ ਦੇ ਕੰਟਰੋਲ ਹੇਠ ਹੈ, ਫਿਰ ਸਿੱਖ ਭਾਈਚਾਰੇ ਲਈ ਇਹ ਦੁਖਦਾਇਕ ਘਟਨਾਵਾਂ ਕਿਉਂ ਵਾਪਰ ਰਹੀਆਂ ਹਨ? ਉਨ੍ਹਾਂ ਕਿਹਾ ਕਿ ਸਿੱਖ ਘੱਟਗਿਣਤੀ ਦੀਆਂ ਲੜਕੀਆਂ ਦੀ ਜਬਰੀ ਧਰਮ ਪਰਿਵਰਤਨ ਦੀਆਂ ਘਟਨਾਵਾਂ ਸੰਸਾਰ ਭਰ ਦੇ ਸਿੱਖ ਭਾਈਚਾਰੇ ਲਈ ਚਿੰਤਾ ਦਾ ਵਿਸ਼ਾ ਹੈ ਅਤੇ ਕਸ਼ਮੀਰ ਵਾਦੀ ’ਚ ਸਿੱਖ ਤਣਾਅ ਪੂਰਨ ਅਤੇ ਦਬਾਅ ਅਧੀਨ ਰਹਿਣ ਲਈ ਮਜਬੂਰ ਹਨ। ਉਨ੍ਹਾਂ ਇਸ ਮਾਮਲੇ ’ਚ ਕੇਂਦਰ ਸਰਕਾਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਨੂੰ ਤੁਰੰਤ ਦਖ਼ਲ ਦਿੰਦਿਆਂ ਪੀੜਤ ਸਿੱਖ ਬਚੀਆਂ ਨੂੰ ਇਨਸਾਫ਼ ਦੇਣ ਅਤੇ ਭਵਿੱਖ ’ਚ ਅਜਿਹੀ ਘਟਨਾ ਨਾ ਵਾਪਰੇ ਇਸ ਗਲ ਨੂੰ ਯਕੀਨੀ ਬਣਾਉਣ ਲਈ ਸਖ਼ਤ ਕਦਮ ਚੁੱਕਣ ਦੀ ਵੀ ਅਪੀਲ ਕੀਤੀ ਹੈ।