28 C
Amritsar
Monday, May 29, 2023

ਬੇਅਦਬੀ ਮਾਮਲਿਆਂ ‘ਚ ਸੀਬੀਆਈ ਨੇ ਪੰਜਾਬ ਪੁਲਸ ਨੂੰ ਜਾਂਚ ਰੋਕਣ ਲਈ ਕਿਹਾ

Must read

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਨੂੰ ਲੈ ਕੇ ਪੰਜਾਬ ਪੁਲਸ ਅਤੇ ਸੀਬੀਆਈ ਦਰਮਿਆਨ ਚੱਲ ਰਹੇ ਰੇੜਕੇ ਦੇ ਮਾਮਲੇ ਦੀ ਸੁਣਵਾਈ ਅੱਜ ਮੁਹਾਲੀ ਸਥਿਤ ਸੀਬੀਆਈ ਦੇ ਵਿਸ਼ੇਸ਼ ਜੱਜ ਜੀਐਸ ਸੇਖੋਂ ਦੀ ਅਦਾਲਤ ਵਿਚ ਹੋਈ।
ਸੁਣਵਾਈ ਦੌਰਾਨ ਸੀਬੀਆਈ, ਪੰਜਾਬ ਸਰਕਾਰ ਅਤੇ ਸ਼ਿਕਾਇਤਕਰਤਾਵਾਂ ਅਤੇ ਡੇਰਾ ਸਿਰਸਾ ਦੇ ਵਕੀਲਾਂ ਵਿੱਚ ਬਹਿਸ ਹੋਈ, ਜਦੋਂਕਿ ਪੰਜਾਬ ਸਰਕਾਰ ਵੱਲੋਂ ਪਹਿਲੀ ਵਾਰ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਹਰੇਨ ਰਾਵਲ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਜਿਰ੍ਹਾ ਕੀਤੀ ਪਰ ਸਾਊਂਡ ਸਿਸਟਮ ਵਿੱਚ ਤਕਨੀਕੀ ਖ਼ਰਾਬੀ ਕਾਰਨ ਸ਼੍ਰੋਮਣੀ ਕਮੇਟੀ ਦੇ ਵਕੀਲ ਸਤਨਾਮ ਸਿੰਘ ਕਲੇਰ ਨੇ ਕਿਹਾ ਕਿ ਉਨ੍ਹਾਂ ਨੂੰ ਸੁਪਰੀਮ ਕੋਰਟ ਦੇ ਵਕੀਲ ਦੀ ਆਵਾਜ਼ ਸਾਫ ਨਹੀ ਸੁਣ ਰਹੀ। ਜੱਜ ਨੇ ਸਟਾਫ਼ ਨੂੰ ਸਾਊਂਡ ਸਿਸਟਮ ਨੂੰ ਬਦਲਣ ਦੇ ਹੁਕਮ ਦਿੱਤੇ। ਅੱਜ ਦੀ ਸੁਣਵਾਈ ਵਿਚ ਸੀਬੀਆਈ ਨੇ ਪੰਜਾਬ ਪੁਲਸ ਦੀ ਸਿੱਟ ਦੀ ਕਾਰਵਾਈ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਜਦੋਂ ਉਹ (ਸੀਬੀਆਈ) ਜਾਂਚ ਕਰ ਰਹੇ ਹਨ ਤਾਂ ਪੰਜਾਬ ਪੁਲੀਸ ਨੂੰ ਜਾਂਚ ਕਰਨ ਦਾ ਕੋਈ ਹੱਕ ਨਹੀਂ ਹੈ। ਸੀਬੀਆਈ ਦੇ ਵਕੀਲ ਨੇ ਅਦਾਲਤ ਨੂੰ ਕਿਹਾ ਕਿ ਸਿੱਟ ਨੇ ਮੁਲਜ਼ਮਾਂ ਖ਼ਿਲਾਫ਼ ਵੱਖਰਾ ਚਲਾਨ ਪੇਸ਼ ਕਰਕੇ ਕਾਨੂੰਨ ਦੀ ਉਲੰਘਣਾ ਕੀਤੀ ਹੈ। ਸੀਬੀਆਈ ਦਾ ਕਹਿਣਾ ਹੈ ਕਿ ਹੁਣ ਤੱਕ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ (ਸੀਬੀਆਈ) ਜਾਂਚ ਕਰਨ ਤੋਂ ਨਹੀਂ ਰੋਕਿਆ ਹੈ ਅਤੇ ਇਸ ਲਈ ਪੰਜਾਬ ਪੁਲਸ ਦੀ ਜਾਂਚ ’ਤੇ ਰੋਕ ਲਗਾਈ ਜਾਵੇ। ਸ਼ਿਕਾਇਤ ਕਰਤਾਵਾਂ ਦੇ ਵਕੀਲ ਗਗਨ ਪਰਦੀਪ ਸਿੰਘ ਬੱਲ ਨੇ ਮੰਗ ਕੀਤੀ ਕਿ ਮਾਮਲੇ ਦੀ ਲਗਾਤਾਰ ਸੁਣਵਾਈ ਕੀਤੀ ਜਾਵੇ, ਕਿਉਂਕਿ ਵਿਸ਼ਵ ਭਰ ਦੇ ਸਿੱਖਾਂ ਦੀਆਂ ਨਜ਼ਰਾਂ ਇਸ ਮਾਮਲੇ ’ਤੇ ਟਿੱਕੀਆਂ ਹੋਈਆਂ ਹਨ। ਉਨ੍ਹਾਂ ਡੇਰਾ ਪੈਰੋਕਾਰਾਂ ’ਤੇ ਗੁੰਮਰਾਹ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਇਕ ਪਾਸੇ ਉਹ ਹਾਈ ਕੋਰਟ ਦਾ ਬੂਹਾ ਖੜਕਾ ਰਹੇ ਹਨ, ਦੂਜੇ ਪਾਸੇ ਡੇਰਾ ਸਿਰਸਾ ਦੇ ਵਕੀਲ ਫਰੀਦਕੋਟ ਅਦਾਲਤ ਵਿੱਚ ਚੱਲ ਰਹੀ ਸੁਣਵਾਈ ਰੋਕਣ ਅਤੇ ਜਾਂਚ ਏਜੰਸੀਆਂ ਦੀ ਜਾਂਚ ’ਤੇ ਪਾਬੰਦੀ ਲਗਾਉਣ ਦੀ ਮੰਗ ਕਰ ਰਹੇ ਹਨ। ਅਦਾਲਤ ਨੇ ਵੱਖ-ਵੱਖ ਪਹਿਲੂਆਂ ’ਤੇ ਗੌਰ ਕਰਦਿਆਂ ਕੇਸ ਦੀ ਅਗਲੀ ਸੁਣਵਾਈ 9 ਸਤੰਬਰ ’ਤੇ ਅੱਗੇ ਪਾ ਦਿੱਤੀ।

ਅੰਮ੍ਰਿਤਸਰ ਟਾਈਮਜ਼ ਤੋਂ ਧੰਨਵਾਦ ਸਹਿਤ 
- Advertisement -spot_img

More articles

- Advertisement -spot_img

Latest article