ਸ੍ਰੀ ਅੰਮ੍ਰਿਤਸਰ ਸਾਹਿਬ, 5 ਦਸੰਬਰ (ਜਤਿੰਦਰ ਸਿੰਘ ਬੇਦੀ, ਸਾਹਿਲ ਸ਼ਰਮਾ) – ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦੀ ਆ ਰਹੀ ਹਿਓਮਨ ਰਾਈਟ ਐਮਰਜੈਂਸੀ ਹੈਲਪਲਾਇਨ ਐਸੋਸੀਏਸ਼ਨ ਦੇ ਪ੍ਰਧਾਨ ਮੈਡਮ ਜਸਵਿੰਦਰ ਕੌਰ ਸੋਹਲ ਵਲੋਂ ਸਮੇਂ-ਸਮੇਂ ‘ਤੇ ਬੰਦੀ ਸਿੰਘਾਂ ਦੀ ਰਿਹਾਈ ਖਿਲਾਫ ਲੜਾਈ ਲੜਦੇ ਆ ਰਹੇ ਹਨ। ਇਸ ਸਬੰਧੀ ਮੈਡਮ ਜਸਵਿੰਦਰ ਕੌਰ ਸੋਹਲ ਵਲੋਂ ਸਾਬਕਾ ਮੁੱਖ ਮੰਤਰੀ ਸਵ: ਬੇਅੰਤ ਸਿੰਘ ਦੇ ਪੋਤਰੇ ਗੁਰਕੀਰਤ ਸਿੰਘ ਕੋਟਲੀ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਗੁਰਕੀਰਤ ਸਿੰਘ ਕੋਟਲੀ ਨੇ ਕਿਹਾ ਕਿ ਅਗਰ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਮਾਣਯੋਗ ਸੁਪਰੀਮ ਕੋਰਟ ਜਾਂ ਰਾਸ਼ਟਰਪਤੀ ਵਲੋਂ ਰਿਹਾਅ ਕੀਤਾ ਜਾਂਦਾ ਹੈ ਤਾਂ ਸਾਡੇ ਪਰਿਵਾਰ ਵਲੋਂ ਉਸ ਗੱਲ ਦਾ ਕੋਈ ਵਿਰੋਧ ਨਹੀਂ ਕੀਤਾ ਜਾਵੇਗਾ, ਸਗੋਂ ਮਾਣਯੋਗ ਅਦਾਲਤ ਦੇ ਫੈਸਲੇ ਦਾ ਸਵਾਗਤ ਕੀਤਾ ਜਾਵੇਗਾ। ਇਸ ਮੌਕੇ ਮੈਡਮ ਜਸਵਿੰਦਰ ਕੌਰ ਸੋਹਲ ਨੇ ਕਿਹਾ ਕਿ ਅਗਰ ਬੰਦੀ ਸਿੰਘਾਂ ਦੀ ਰਿਹਾਈ ਵਿੱਚ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪਰਿਵਾਰ ਵਲੋਂ ਆਪਣਾ ਬਣਦਾ ਯੋਗਦਾਨ ਦਿੱਤਾ ਜਾਵੇਗਾ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਾਸੀਆਂ ਵਲੋਂ ਉਨ੍ਹਾਂ ਨੂੰ ਵੱਡੇ ਪੱਧਰ ‘ਤੇ ਮਾਣ ਸਨਮਾਨ ਦੇ ਕੇ ਨਿਵਾਜ਼ਿਆ ਜਾਵੇਗਾ। ਇਸ ਮੌਕੇ ਉਨ੍ਹਾਂ ਦੇਸ਼ ਦੇ ਰਾਸ਼ਟਰਪਤੀ ਅਤੇ ਮਾਨਯੋਗ ਸੁਪਰੀਮ ਕੋਰਟ ਤੋਂ ਮੰਗ ਕੀਤੀ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਜਲਦ ਤੋਂ ਜਲਦ ਰਿਹਾਅ ਕੀਤਾ ਜਾਵੇ। ਇਸ ਮੌਕੇ ਸ਼ਹੀਦ ਬਲਬੀਰ ਸਿੰਘ ਸੋਢੀ ਦੇ ਭਰਾ ਹਰਜੀਤ ਸਿੰਘ ਸੋਢੀ ਯੂ.ਐਸ.ਏ ਵੀ ਹਾਜ਼ਰ ਸਨ।