ਭਾਰਤ ਵਿੱਚ ਹੁਣ ਤੱਕ ਕੋਰੋਨਾ ਨੇ 50 ਲੱਖ ਲੋਕਾਂ ਦੀ ਲਈ ਜਾਨ

75

ਨਵੀਂ ਦਿੱਲੀ, 21 ਜੁਲਾਈ (ਬੁਲੰਦ ਆਵਾਜ ਬਿਊਰੋ) – ਕੋਵਿਡ-19 ਦੀ ਦੂਜੀ ਲਹਿਰ ਦਾ ਸੰਤਾਪ ਹੰਢਾਅ ਚੁੱਕੇ ਭਾਰਤ ਵਿੱਚ ਅਜੇ ਮਹਾਂਮਾਰੀ ਦਾ ਖ਼ਤਰਾ ਟਲ਼ਿਆ ਨਹੀਂ ਹੈ। ਇਸ ਦੇ ਰੋਜ਼ਾਨਾ ਮਾਮਲੇ ਭਾਵੇਂ ਹੁਣ ਸਭ ਤੋਂ ਹੇਠਲੇ ਪੱਧਰ ’ਤੇ ਚੱਲ ਰਹੇ ਹਨ, ਪਰ ਸਿਹਤ ਮਾਹਰਾਂ ਦਾ ਕਹਿਣਾ ਹੈ ਕਿ ਦੇਸ਼ ਵਿੱਚ ਤੀਜੀ ਲਹਿਰ ਦਾ ਖ਼ਤਰਾ ਬਰਕਰਾਰ ਹੈ। ਹਾਲਾਂਕਿ ਦੇਸ਼ ਵਿੱਚ ਕੋਰੋਨਾ ਨਾਲ ਹੁਣ ਤੱਕ 4 ਲੱਖ ਤੋਂ ਵੱਧ ਮੌਤਾਂ ਹੋਣ ਦੀ ਪੁਸ਼ਟੀ ਕੀਤੀ ਗਈ ਹੈ, ਪਰ ਇੱਕ ਅਮਰੀਕੀ ਅਧਿਐਨ ਦੇ ਅੰਕੜਿਆਂ ਨੇ ਸਭ ਤੋਂ ਹੈਰਾਨ ਕਰ ਦਿੱਤਾ ਹੈ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਭਾਰਤ ਵਿੱਚ ਹੁਣ ਤੱਕ ਲਗਭਗ 50 ਲੱਖ ਮਰੀਜ਼ ਕੋਰੋਨਾ ਕਾਰਨ ਆਪਣੀ ਜਾਨ ਗੁਆ ਬੈਠੇ ਹਨ।
ਦੱਸ ਦੇਈਏ ਕਿ ਭਾਰਤ ਵਿਸ਼ਵ ਭਰ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਦੇ ਮਾਮਲੇ ਵਿੱਚ ਦੂਜੇ ਨੰਬਰ ’ਤੇ ਹੈ, ਜਦਕਿ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੇ ਮਾਮਲੇ ਵਿਚ ਭਾਰਤ ਦਾ ਤੀਜਾ ਨੰਬਰ ਹੈ। ਵਰਲਡੋਮੀਟਰ ਮੁਤਾਬਕ ਭਾਰਤ ਵਿਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ ਤਿੰਨ ਕਰੋੜ 12 ਲੱਖ ਤੋਂ ਜ਼ਿਆਦਾ ਹੈ ਜਦਕਿ ਕੋਰੋਨਾ ਵਾਇਰਸ ਕਾਰਨ ਹੁਣ ਤੱਕ 4 ਲੱਖ 14 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੌਰਾਨ ਇਕ ਅਮਰੀਕੀ ਅਧਿਐਨ ਵਿਚ ਹੈਰਾਨੀਜਨਕ ਜਾਣਕਾਰੀ ਸਾਹਮਣੇ ਆਈ ਹੈ।

Italian Trulli

ਅਧਿਐਨ ਵਿਚ ਦਾਅਵਾ ਕੀਤਾ ਗਿਆ ਹੈ ਕਿ ਭਾਰਤ ਵਿਚ ਕੋਰੋਨਾ ਕਾਰਨ 34 ਤੋਂ 49 ਲੱਖ ਲੋਕਾਂ ਦੀ ਮੌਤ ਹੋਈ ਹੈ। ਇਹ ਗਿਣਤੀ ਭਾਰਤ ਸਰਕਾਰ ਦੇ ਅੰਕੜਿਆਂ ਨਾਲੋਂ 10 ਗੁਣਾ ਜ਼ਿਆਦਾ ਹੈ। ਰਿਪੋਰਟ ਨੂੰ ਤਿਆਰ ਕਰਨ ਵਾਲੇ ਲੋਕਾਂ ਵਿਚ ਚਾਰ ਸਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੁੱਖ ਆਰਥਿਕ ਸਲਾਹਕਾਰ ਰਹੇ ਅਰਵਿੰਦ ਸੁਬਰਾਮਨੀਅਮ ਵੀ ਸ਼ਾਮਲ ਹਨ। ਵਾਸ਼ਿੰਗਟਨ ਦੀ ਇਕ ਅਧਿਐਨ ਸੰਸਥਾ ਸੈਂਟਰ ਫਾਰ ਗਲੋਬਲ ਡਿਵੈਲਪਮੈਂਟ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੀ ਗਈ ਇਸ ਰਿਪੋਰਟ ਵਿਚ ਸਰਕਾਰੀ ਅੰਕੜਿਆਂ, ਅੰਤਰਰਾਸ਼ਟਰੀ ਅਨੁਮਾਨਾਂ, ਸੇਰੋਲੋਜੀਕਲ ਰਿਪੋਰਟਾਂ ਅਤੇ ਘਰੇਲੂ ਸਰਵੇਖਣਾਂ ਨੂੰ ਆਧਾਰ ਬਣਾਇਆ ਗਿਆ ਹੈ। ਅਰਵਿੰਦ ਸੁਬਰਾਮਨੀਅਮ, ਅਭਿਸ਼ੇਕ ਆਨੰਦ ਅਤੇ ਜਸਟਿਨ ਸੈਂਡਫਰ ਨੇ ਦਾਅਵਾ ਕੀਤਾ ਹੈ ਕਿ ਮ੍ਰਿਤਕਾਂ ਦੀ ਅਸਲ ਗਿਣਤੀ ਕੁਝ ਹਜ਼ਾਰ ਜਾਂ ਲੱਖ ਵਿਚ ਨਹੀਂ ਹੈ। ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ’ਤੇ ਪਹਿਲਾਂ ਹੀ ਸਵਾਲ ਚੁੱਕੇ ਜਾ ਰਹੇ ਹਨ। ਅਮਰੀਕੀ ਅਧਿਐਨ ਵਿਚ ਕਿਹਾ ਗਿਆ ਹੈ ਕਿ ਜਨਵਰੀ 2020 ਅਤੇ ਜੂਨ 2021 ਵਿਚਾਲੇ ਭਾਰਤ ਵਿਚ ਕੋਵਿਡ -19 ਕਾਰਨ ਲਗਭਗ 50 ਲੱਖ (4.9 ਮਿਲੀਅਨ) ਲੋਕਾਂ ਦੀ ਮੌਤ ਹੋ ਗਈ, ਜਿਸ ਨਾਲ ਇਹ ਦੇਸ਼ ਦੀ ਵੰਡ ਅਤੇ ਆਜ਼ਾਦੀ ਤੋਂ ਬਾਅਦ ਦੇਸ਼ ਦੀ ਸਭ ਤੋਂ ਵੱਡੀ ਮਨੁੱਖੀ ਤ੍ਰਾਸਦੀ ਬਣ ਗਈ।