21 C
Amritsar
Friday, March 31, 2023

ਮਿਸ਼ਨ ਫਤਿਹ 2.0 ਤਹਿਤ 6.3 ਲੱਖ ਪਰਿਵਾਰਾਂ ਦਾ ਕੀਤਾ ਸਰਵੇਖਣ- ਸੋਨੀ

Must read

ਅੰਮਿ੍ਤਸਰ, 23 ਮਈ (ਰਛਪਾਲ ਸਿੰਘ)  -ਪੰਜਾਬ ਸਰਕਾਰ ਵਲੋਂ ਮਿਸ਼ਨ ਫਤਹਿ-2.0 ਤਹਿਤ ਪਿੰਡਾਂ ਨੂੰ ਕੋਰੋਨਾ ਮੁਕਤ ਬਣਾਉਣ ਸਬੰਧੀ ਚਲਾਈ ਮੁਹਿੰਮ ਵਿੱਚ ਆਸ਼ਾ (ਮਾਨਤਾ ਪ੍ਰਾਪਤ ਸੋਸ਼ਲ ਹੈਲਥ ਐਕਟੀਵਿਸਟ) ਵਰਕਰਾਂ ਰਾਹੀਂ 6.3 ਲੱਖ ਪਰਿਵਾਰਾਂ ਦਾ ਸਰਵੇਖਣ ਕਰਵਾਇਆ ਗਿਆ ਜਿਸ ਵਿੱਚ 17.7 ਲੋਕਾਂ ਨੂੰ ਕਵਰ ਕੀਤਾ ਗਿਆ । ਉਕਤ ਸਬਦਾਂ ਦਾ ਪ੍ਰਗਟਾਵਾ ਬਾਬਾ ਜੀਵਨ ਸਿੰਘ ਧਰਮਸ਼ਾਲਾ ਕਮੇਟੀ ਨੂੰ 2 ਲੱਖ ਅਤੇ ਸਾਈਂ ਧਰਮਸ਼ਾਲਾ ਕਮੇਟੀ ਗੁਰਬਖਸ਼ ਨਗਰ ਨੂੰ ਇਕ ਲੱਖ ਰੁਪਏ ਦਾ ਚੈਕ ਭੇਟ ਕਰਨ ਮੌਕੇ ਕੈਬਨਿਟ ਮੰਤਰੀ ਸ੍ਰੀ ਓ ਪੀ ਸੋਨੀ ਨੇ ਕੀਤਾ। ਇਸ ਮੌਕੇ ਕਾਂਗਰਸੀ ਨੇਤਾ ਸਰਬਜੀਤ ਸਿੰਘ ਲਾਟੀ ਨੇ ਸ੍ਰੀ ਸੋਨੀ ਦਾ ਧੰਨਵਾਦ ਕੀਤਾ। ਇਸ ਮੌਕੇ ਸ੍ਰੀ ਵਿਕਾਸ ਸੋਨੀ, ਸ੍ਰੀ ਪਰਮਜੀਤ ਸਿੰਘ ਚੋਪੜਾ ਸੁਰਿੰਦਰ ਸਿੰਘ ਸਿੰਦਾ ਵੀ ਹਾਜ਼ਰ ਸਨ। ਸ੍ਰੀ ਸੋਨੀ ਨੇ ਦੱਸਿਆ ਕਿ ਇਨਾਂ ਵਿਅਕਤੀਆਂ ਵਿੱਚੋਂ 631 ਕੋਵਿਡ -19 ਪਾਜ਼ੇਟਿਵ ਪਾਏ ਗਏ ਹਨ, ਜਿੰਨਾ ਨੂੰ ਮਿਸ਼ਨ ਫਤਿਹ ਤਹਿਤ ਦਵਾਈਆਂ ਦੀਆਂ ਕਿੱਟਾਂ ਦਿੱਤੀਆਂ ਗਈਆਂ। ਉਨਾਂ ਦੱਸਿਆ ਕਿ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਪਾਜ਼ੇਟਿਵਿਟੀ ਦਰ ਵਿੱਚ ਹੈਰਾਨੀਜਨਕ ਵਾਧਾ ਦਰਜ ਕੀਤਾ ਗਿਆ ਹੈ, ਇਸ ਕਰਕੇ ਪੰਜਾਬ ਸਰਕਾਰ ਨੇ ਮਿਸ਼ਨ ਫਤਹਿ 2.0 (ਕੋਰੋਨਾ ਮੁਕਤ ਪਿੰਡ ਅਭਿਆਨ) ਦੀ ਸ਼ੁਰੂਆਤ ਕੀਤੀ ਹੈ ਤਾਂ ਜੋ ਘਾਤਕ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ ਅਤੇ ਯਕੀਨੀ ਤੌਰ ’ਤੇ ਪਿੰਡਾਂ ਨੂੰ ਕੋਵਿਡ ਮੁਕਤ ਬਣਾਇਆ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ ਸਮੂਹ ਕਮਿਊਨਿਟੀ ਸਿਹਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਤੁਰੰਤ ਬਲਾਕ ਪੱਧਰ ਅਤੇ ਰਾਜ ਹੈੱਡਕੁਆਰਟਰ ਵਿਖੇ ਸਬੰਧਤ ਸੀਨੀਅਰ ਮੈਡੀਕਲ ਅਫਸਰ ਨੂੰ ਕੋਵਿਡ-19 ਗਰਭਵਤੀ ਔਰਤਾਂ ਦੇ ਕੇਸਾਂ ਦੀ ਰਿਪੋਰਟ ਪੇਸ਼ ਕਰਨ। ਮੰਤਰੀ ਨੇ ਦੱਸਿਆ ਕਿ ਅਧਿਕਾਰੀਆਂ ਨੂੰ ਗਰਭਵਤੀ ਔਰਤਾਂ ਦੇ ਪਰਿਵਾਰਕ ਮੈਂਬਰ ਦੇ ਪਾਜ਼ੇਟਿਵ ਹੋਣ ਸਬੰਧੀ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ ਗਿਆ ਹੈ। ਇਸ ਤੋਂ ਇਲਾਵਾ ਉੱਚ ਜੋਖਮ ਵਾਲੇ ਸਮੂਹਾਂ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਜਿਸ ਵਿੱਚ ਹਾਈਪਰਟੈਨਸ਼ਨ ਅਤੇ ਸ਼ੂਗਰ ਦੇ ਮਰੀਜ਼ ਸ਼ਾਮਲ ਹਨ।
ਮਿਸ਼ਨ ਫਤਹਿ-2.0 ਬਾਰੇ ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਦੱਸਿਆ ਕਿ ਆਸ਼ਾ ਵਰਕਰਾਂ ਵਲੋਂ ਹਰੇਕ ਪਿੰਡ ਵਿੱਚ ਘਰ ਘਰ ਜਾ ਕੇ ਬੁਖਾਰ, ਖੰਘ ਅਤੇ ਸਾਹ ਲੈਣ ਵਿੱਚ ਤਕਲੀਫ ਵਰਗੇ ਕੋਵਿਡ ਦੇ ਲੱਛਣਾਂ ਦੀ ਜਾਂਚ ਸਬੰਧੀ ਸਰਵੇਖਣ ਕੀਤਾ ਜਾ ਰਿਹਾ ਹੈ। ਆਸ਼ਾ ਵਰਕਰਾਂ ਵਲੋਂ ਸ਼ੱਕੀ ਵਿਅਕਤੀ ਦੀ ਜਾਣਕਾਰੀ ਤੁਰੰਤ ਸੀ.ਐਚ.ਓ ਅਤੇ ਐਸ.ਐਮ.ਓ. ਨੂੰ ਦਿੱਤੀ ਜਾ ਰਹੀ ਹੈ ਤਾਂ ਜੋ ਸ਼ੱਕੀ ਵਿਅਕਤੀ ਦਾ ਤੁਰੰਤ ਕੋਵਿਡ ਟੈਸਟ ਕੀਤਾ ਜਾ ਸਕੇ ਅਤੇ ਮਰੀਜ਼ ਨੂੰ ਪ੍ਰੋਟੋਕੋਲ ਅਨੁਸਾਰ ਲੋੜੀਂਦਾ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਉਹਨਾਂ ਇਹ ਵੀ ਦੱਸਿਆ ਕਿ ਸਾਰੇ ਪ੍ਰਾਇਮਰੀ ਹੈਲਥ ਸੈਂਟਰ (ਪੀ.ਐੱਚ.ਸੀ.), ਤੰਦਰੁਸਤ ਪੰਜਾਬ ਸਿਹਤ ਕੇਂਦਰ (ਐਚ.ਡਬਲਯੂ.ਸੀ.) ਅਤੇ ਸਬ-ਸੈਂਟਰਾਂ ਨੂੰ ਇਸ ਸਰਵੇਖਣ ਲਈ ਜਰੂਰੀ ਵਸਤਾਂ ਜਿਵੇਂ ਰੈਪਿਡ ਐਂਟੀਜੇਨ ਕਿੱਟਾਂ, ਮਿਸ਼ਨ ਫਤਿਹ ਕਿੱਟਾਂ, ਜਰੂਰੀ ਦਵਾਈਆਂ, ਪੀਪੀਈ ਕਿੱਟਾਂ, ਪਲਸ ਆਕਸੀਮੀਟਰ, ਡਿਜੀਟਲ ਥਰਮੋਮੀਟਰ, ਸੈਨੀਟਾਈਜ਼ਰ, ਮਾਸਕ ਆਦਿ ਉਪਲਬਧ ਕਰਵਾਈਆਂ ਗਈਆਂ ਹਨ । ਉਨਾਂ ਕਿਹਾ ਕਿ ਕਰੋਨਾ ਵਾਇਰਸ ਦੀ ਲੜੀ ਤੋੜਨ ਲਈ ਇਹ ਸਰਵੇਖਣ 15 ਦਿਨਾਂ ਵਿੱਚ ਪੂਰਾ ਕੀਤਾ ਜਾਵੇਗਾ।

- Advertisement -spot_img

More articles

- Advertisement -spot_img

Latest article