ਸ਼੍ਰੋਮਣੀ ਕਮੇਟੀ ‘ਤੇ ਲੱਗੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਵਿਉਪਾਰ ਕਰਨ ਦੇ ਦੋਸ਼

13

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਗਾਇਬ ਹੋਣ ਦੇ ਮਾਮਲੇ ‘ਚ ਜਦੋਂ ਹੁਣ ਇਹ ਸਪਸ਼ਟ ਹੋ ਚੁੱਕਿਆ ਹੈ ਕਿ ਸਰੂਪਾਂ ਦੀ ਛਪਾਈ ਵਿਚ ਧਾਂਦਲੀਆਂ ਕੀਤੀਆਂ ਗਈਆਂ ਹਨ ਤਾਂ ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕਾਂ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ।

Italian Trulli

ਗੁਰੂ ਗ੍ਰੰਥ ਸਾਹਿਬ ਦੇ ਪਾਵਨ 328 ਸਰੂਪਾਂ ਦੇ ਗਾਇਬ ਹੋਣ ਦੇ ਮੁੱਦੇ ਉਤੇ ਦਲ ਖਾਲਸਾ ਨੇ ਸ਼੍ਰੋਮਣੀ ਕਮੇਟੀ ਉਤੇ ਗੁਰੂ ਸਾਹਿਬ ਦੇ ਸਰੂਪਾਂ ਦਾ ਵਿਉਪਾਰ ਕਰਨ ਦਾ ਸੰਗੀਨ ਦੋਸ਼ ਲਾਉਦਿਆਂ ਕਿਹਾ ਕਿ ਕਮੇਟੀ ਦੇ ਪ੍ਰਬੰਧਕਾਂ ਨੇ ਆਪਣੇ ਗੁਨਾਹਾਂ ਨਾਲ ਜਿਥੇ ਸਿੱਖਾਂ ਨੂੰ ਸ਼ਰਮਸਾਰ ਕੀਤਾ ਉਥੇ ਸੰਸਥਾ ਦੀ ਸ਼ਾਖ ਨੂੰ ਦਾਗਦਾਰ ਕੀਤਾ ਹੈ। ਜਥੇਬੰਦੀ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 2015 ਤੋਂ ਲੈ ਕੇ ਹੁਣ ਤੱਕ ਸ਼੍ਰੋਮਣੀ ਕਮੇਟੀ ਦੇ ਰਹਿ ਚੁੱਕੇ ਪ੍ਰਧਾਨ, ਸੱਕਤਰ ਅਤੇ ਪ੍ਰਕਾਸ਼ਨ ਵਿਭਾਗ ਦੇ ਮੈਂਬਰ ਸਭ ਕਰੜੀ ਸਜ਼ਾ ਦੇ ਹੱਕਦਾਰ ਹਨ, ਜਿਨਾਂ ਦੀ ਮਿਲੀਭੁਗਤ, ਬੇਈਮਾਨੀ ਅਤੇ ਨਲਾਇਕੀ ਦੇ ਕਾਰਨ ਗੁਰੂ ਸਾਹਿਬ ਦੀਆਂ ਬੀੜਾਂ ਦਾ ਵਿਉਪਾਰ ਹੋਇਆ ਹੈ। ਉਹਨਾਂ ਕਿਹਾ ਕਿ ਉਪਰੋਕਤ ਅਹੁਦੇਦਾਰ ਆਪਣੀ ਆਤਮਾ ਨੂੰ ਝੰਜੋੜਣ ਅਤੇ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਗੁਰੂ ਗ੍ਰੰਥ ਅਤੇ ਗੁਰੂ ਪੰਥ ਤੋਂ ਮੁਆਫੀ ਮੰਗਣ ਅਤੇ ਅਹੁਦੇ ਛੱਡਣ। ਉਹਨਾਂ ਧਾਰਮਿਕ ਸੰਸਥਾ ਅੰਦਰ ਆਈ ਗਿਰਾਵਟ ਲਈ ਅਕਾਲੀ ਦਲ ਦੀ ਗੰਦਲੀ ਅਤੇ ਭ੍ਰਿਸ਼ਟ ਰਾਜਨੀਤੀ ਨੂੰ ਜ਼ਿੰਮੇਵਾਰ ਠਹਿਰਾਇਆ।

ਇਸੇ ਤਰ੍ਹਾਂ ਪੰਥਕ ਤਾਲਮੇਲ ਸੰਗਠਨ ਨੇ ਸਰੂਪ ਲਾਪਤਾ ਹੋਣ ਸਬੰਧੀ ਚੱਲ ਰਹੀ ਪ੍ਰਕਿਰਿਆ ਨੂੰ ਨਿਰਾਸ਼ਾਜਨਕ ਕਰਾਰ ਦਿੱਤਾ ਹੈ। ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਅਤੇ ਕੋਰ ਕਮੇਟੀ ਨੇ ਕਿਹਾ ਕਿ ਜਾਂਚ ਰਿਪੋਰਟ ਸੰਗਤ ਵਿਚ ਜਨਤਕ ਹੋਣੀ ਚਾਹੀਦੀ ਹੈ। ਉਨ੍ਹਾਂ ਖ਼ਦਸ਼ਾ ਜ਼ਾਹਰ ਕੀਤਾ ਕਿ ਕੁਝ ਅਧਿਕਾਰੀਆਂ/  ਮੁਲਾਜ਼ਮਾਂ ਨੂੰ ਮੁਲਜ਼ਮ ਠਹਿਰਾ ਕੇ ਮਸਲਾ ਠੱਪ ਹੋ ਸਕਦਾ ਹੈ। ਇਸੇ ਦੌਰਾਨ ਆਮ ਆਦਮੀ ਪਾਰਟੀ ਨੇ  ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਹੋਏ ਪਾਵਨ ਸਰੂਪਾਂ ਲਈ ਬਾਦਲਾਂ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਖ਼ਦਸ਼ਾ ਜ਼ਾਹਿਰ ਕੀਤਾ ਕਿ ਇਸ ਪਿੱਛੇ ਕੋਈ ਡੂੰਘੀ ਸਾਜ਼ਿਸ਼ ਹੋ ਸਕਦੀ ਹੈ। ‘ਆਪ’ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੇ ਕੁਝ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਉਣ ਦੀ ਥਾਂ ਬਾਦਲਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਪੰਥ ਵਿਚੋਂ ਛੇਕਿਆ ਜਾਵੇ। ਉਨ੍ਹਾਂ ਕਿਹਾ ਕਿ ਸਰੂਪ ਲਾਪਤਾ ਹੋਣ ਦੀ  ਐੱਫਆਈਆਰ ਦਰਜ ਕਰਾਉਣੀ ਚਾਹੀਦੀ ਹੈ।

ਬੀਤੇ ਦਿਨੀਂ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਏ ਹੁਕਮਾਂ ਮੁਤਾਬਕ ਸ਼੍ਰੋਮਣੀ ਕਮੇਟੀ ਨੇ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ 27 ਅਗਸਤ ਨੂੰ ਸੱਦੀ ਹੈ। ਇਸ ਮੀਟਿੰਗ ਦੌਰਾਨ ਦੋਸ਼ੀ ਪਾਏ ਗਏ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਬਾਰੇ ਵਿਚਾਰ ਕੀਤਾ ਜਾਵੇਗਾ। ਇਸ ਦੀ ਪੁਸ਼ਟੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਹਾਇਕ ਦਰਸ਼ਨ ਸਿੰਘ ਨੇ ਕੀਤੀ ਹੈ। ਦਰਸ਼ਨ ਸਿੰਘ ਨੇ ਦੱਸਿਆ ਕਿ ਸ੍ਰੀ ਲੌਂਗੋਵਾਲ ਨੇ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ 27 ਅਗਸਤ ਨੂੰ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲਾ ਅੰਮ੍ਰਿਤਸਰ ਵਿਚ ਸੱਦੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਉਹਨਾਂ ਨੂੰ ਅਕਾਲ ਤਖ਼ਤ ਸਾਹਿਬ ਤੋਂ ਜਾਂਚ ਰਿਪੋਰਟ ਮਿਲਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਹ ਲਿਫਾਫਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਅੰਤ੍ਰਿੰਗ ਕਮੇਟੀ ਦੇ ਨਾਂ ’ਤੇ ਹੈ। ਇਸ ਲਈ ਇਸ ਰਿਪੋਰਟ ਨੂੰ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵੇਲੇ ਹੀ ਖੋਲ੍ਹਿਆ ਜਾਵੇਗਾ। ਇਸ ਤੋਂ ਇਲਾਵਾ 19 ਮਈ, 2016 ਨੂੰ ਗੁਰੂ ਗ੍ਰੰਥ ਸਾਹਿਬ ਭਵਨ ਵਿਚ ਅੱਗ ਲੱਗਣ ਨਾਲ ਨੁਕਸਾਨੇ ਪਾਵਨ ਸਰੂਪਾਂ ਲਈ ਹੁਣ ਤਕ ਪਸ਼ਚਾਤਾਪ ਨਹੀਂ ਕੀਤਾ ਗਿਆ। ਇਸ ਸਬੰਧੀ ਉਸ ਵੇਲੇ ਦੀ ਅੰਤ੍ਰਿੰਗ ਕਮੇਟੀ ਅਤੇ ਚੀਫ਼ ਸਕੱਤਰ ਕੋਲੋਂ ਸਪੱਸ਼ਟੀਕਰਨ ਮੰਗਿਆ ਗਿਆ ਹੈ।
ਅੰਮ੍ਰਿਤਸਰ ਟਾਈਮਜ਼ ਤੋਂ ਧੰਨਵਾਦ ਸਹਿਤ