ਅੰਮ੍ਰਿਤਸਰ, 2 ਅਕਤੂਬਰ (ਗਗਨ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਾਕਿਸਤਾਨ ’ਚ ਇਕ ਸਿੱਖ ਸ. ਸਤਨਾਮ ਸਿੰਘ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਕਿਸਤਾਨ ਅੰਦਰ ਪਿਛਲੇ ਸਮੇਂ ਦੌਰਾਨ ਸਿੱਖਾਂ ’ਤੇ ਕਈ ਵਾਰ ਹਮਲਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਦੇਸ਼ ਅੰਦਰ ਘੱਟਗਿਣਤੀ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ, ਤਾਂ ਜੋ ਅੱਗੇ ਤੋਂ ਕੋਈ ਹੋਰ ਅਜਿਹੀ ਘਟਨਾ ਨਾ ਵਾਪਰੇ। ਬੀਬੀ ਜਗੀਰ ਕੌਰ ਨੇ ਸ. ਸਤਨਾਮ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਦੇਣ।