More

    ਭਾਜਪਾ ’ਚ ਸ਼ਾਮਲ ਹੋਈ ਰਾਮੂਵਾਲੀਆ ਦੀ ਧੀ ਅਮਨਜੋਤ

    ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਾਬਕਾ ਆਗੂ ਅਮਨਜੋਤ ਕੌਰ ਰਾਮੂਵਾਲੀਆ ਸਮੇਤ ਪਾਰਟੀ ਦੇ ਹੋਰ ਸਾਬਕਾ ਆਗੂ ਦਿੱਲੀ ’ਚ ਇੱਕ ਸਮਾਗਮ ਦੌਰਾਨ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਪੰਜਾਬ ’ਚ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਭਾਜਪਾ ਸਿੱਖ ਤੇ ਹੋਰ ਵਰਗਾਂ ਦੇ ਚਿਹਰੇ ਪਾਰਟੀ ’ਚ ਸ਼ਾਮਲ ਕਰਕੇ ਆਪਣੀ ਤਿਆਰੀ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸਾਬਕਾ ਕੇਂਦਰੀ ਮੰਤਰੀ ਤੇ ਹੁਣ ਉੱਤਰ ਪ੍ਰਦੇਸ਼ ਦੇ ਸਮਾਜਵਾਦੀ ਪਾਰਟੀ ਦੇ ਐੱਮਐੱਲਸੀ ਬਲਵੰਤ ਸਿੰਘ ਰਾਮੂਵਾਲੀਆ ਦੀ ਧੀ ਅਮਨਜੋਤ ਕੌਰ ਭੁੱਲਰ ਅਕਾਲੀ ਦਲ ਦੀ ਮਹਿਲਾ ਵਿੰਗ ਦੀ ਮੈਂਬਰ ਵੀ ਰਹੀ ਹੈ ਤੇ ਉਨ੍ਹਾਂ ਦੇ ਭਾਜਪਾ ਵਿੱਚ ਜਾਣ ਦਾ ਕਦਮ ਹੈਰਾਨ ਕਰਨ ਵਾਲਾ ਮੰਨਿਆ ਜਾ ਰਿਹਾ ਹੈ। ਅਮਨਜੋਤ ਕੌਰ ਤੋਂ ਇਲਾਵਾ ਅਕਾਲੀ ਦਲ ਦੇ ਸਾਬਕਾ ਆਗੂ ਗੁਰਪ੍ਰੀਤ ਸਿੰਘ ਸ਼ਾਹਪੁਰ, ਚੰਦ ਸਿੰਘ ਚੱਠਾ ਤੇ ਬਲਜਿੰਦਰ ਸਿੰਘ ਡਕੋਹਾ ਨੇ ਵੀ ਕੈਬਨਿਟ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਹਾਜ਼ਰੀ ’ਚ ਭਾਜਪਾ ਦਾ ਪੱਲਾ ਫੜ ਲਿਆ। ਪ੍ਰੀਤਮ ਸਿੰਘ ਤੇ ਸਾਬਕਾ ਟੀਵੀ ਐਂਕਰ ਚੇਤਨ ਮੋਹਨ ਜੋਸ਼ੀ ਵੀ ਭਾਜਪਾ ’ਚ ਅੱਜ ਸ਼ਾਮਲ ਹੋ ਗਏ। ਇਸ ਮੌਕੇ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਅਜਿਹੇ ਆਗੂਆਂ ਦਾ ਭਾਜਪਾ ’ਚ ਸ਼ਾਮਲ ਹੋਣ ਤੋਂ ਸਾਫ਼ ਹੈ ਪੰਜਾਬ ’ਚ ਸਿਆਸੀ ਹਵਾ ਕਿਸ ਵੱਲ ਚੱਲ ਰਹੀ ਹੈ। ਉਨ੍ਹਾਂ ਕਿਸੇ ਧਿਰ ਦਾ ਨਾਂ ਲਏ ਬਿਨਾਂ ਕਿਹਾ ਕਿ ਦੇਸ਼ ’ਚ ਨਕਾਰੀਆਂ ਗਈਆਂ ਪਾਰਟੀਆਂ ਸੱਤਾ ਖ਼ਾਤਰ ਕਿਸਾਨਾਂ ਨੂੰ ਗੁੰਮਰਾਹ ਕਰ ਰਹੀਆਂ ਹਨ ਜਦਕਿ ਮੋਦੀ ਸਰਕਾਰ ਕੌਮੀ ਹਿੱਤਾਂ ਤੇ ਪੰਜਾਬ ਦੀ ਤਰੱਕੀ ਲਈ ਕੰਮ ਕਰ ਰਹੀ ਹੈ।

    ਰਾਮੂਵਾਲੀਆ ਧੀ ਤੋਂ ਔਖੇ

    ਜ਼ਿਲ੍ਹਾ ਯੋਜਨਾ ਕਮੇਟੀ ਮੁਹਾਲੀ ਦੀ ਸਾਬਕਾ ਚੇਅਰਪਰਸਨ ਅਮਨਜੋਤ ਕੌਰ ਰਾਮੂਵਾਲੀਆ ਦੇ ਅਚਾਨਕ ਭਾਜਪਾ ਵਿੱਚ ਸ਼ਾਮਲ ਹੋਣ ’ਤੇ ਉਨ੍ਹਾਂ ਦੇ ਪਿਤਾ ਬਲਵੰਤ ਸਿੰਘ ਰਾਮੂਵਾਲੀਆ ਅਤੇ ਉਨ੍ਹਾਂ ਦੇ ਸਮਰਥਕ ਕਾਫ਼ੀ ਦੁਖੀ ਨਜ਼ਰ ਆਏ। ਰਾਮੂਵਾਲੀਆ ਨੇ ਕਿਹਾ ਕਿ ਉਸ ਦੀ ਧੀ ਨੇ ਪੇਕੇ ਪਰਿਵਾਰ ਸਮੇਤ ਪੰਜਾਬ ਅਤੇ ਕਿਸਾਨਾਂ ਨਾਲ ਗ਼ੱਦਾਰੀ ਕੀਤੀ ਹੈ। ਇਸ ਗਲਤੀ ਲਈ ਉਹ ਉਸ (ਅਮਨਜੋਤ) ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਨੇ ਆਪਣੀ ਧੀ ਨਾਲ ਸਾਰੇ ਸਬੰਧ ਤੋੜਨ ਦੀ ਗੱਲ ਵੀ ਆਖੀ। ਉਨ੍ਹਾਂ ਕਿਹਾ ਕਿ ਉਹ ਵੀ ਸਾਰੀ ਉਮਰ ਆਰਐੱਸਐੱਸ ਅਤੇ ਜਨਸੰਘ ਦੇ ਸਖ਼ਤ ਵਿਰੋਧੀ ਰਹੇ ਪਰ ਉਨ੍ਹਾਂ ਦੀ ਬੇਟੀ ਅਮਨਜੋਤ ਕੌਰ ਨੇ ਭਾਜਪਾ ਵਿੱਚ ਸ਼ਾਮਲ ਹੋ ਕੇ ਪਰਿਵਾਰ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img