ਚੰਡੀਗੜ੍ਹ, 6 ਜੁਲਾਈ (ਬੁਲੰਦ ਆਵਾਜ ਬਿਊਰੋ) – ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਆਪਣੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਮੰਗਲਵਾਰ ਤਿੰਨ ਹੋਰ ਪ੍ਰਮੁੱਖ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਜਨਰਲ ਸਕੱਤਰ ਸ: ਨਿਧੜਕ ਸਿੰਘ ਬਰਾੜ ਤੇ ਸ: ਸੁਖਦੇਵ ਸਿੰਘ ਢੀਂਡਸਾ ਦੇ ਸਿਆਸੀ ਸਲਾਹਕਾਰ ਸ: ਦਵਿੰਦਰ ਸਿੰਘ ਸੋਢੀ ਨੇ ਦੱਸਿਆ ਕਿ ਦਮਦਮੀ ਟਕਸਾਲ ਦੇ ਸਾਬਕਾ ਬੁਲਾਰੇ ਭਾਈ ਮੋਹਕਮ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਤੋਂ ਇਲਾਵਾ ਧਾਰਮਿਕ ਮਾਮਲਿਆਂ ਦਾ ਇੰਚਾਰਜ ਬਣਾਇਆ ਗਿਆ ਹੈ। ਇਸੇ ਤਰਾਂ ਮਨਜੀਤ ਸਿੰਘ ਭੋਮਾ ਤੇ ਐਡਵੋਕੇਟ ਜਸਵੀਰ ਸਿੰਘ ਘੁੰਮਣ ਪਾਰਟੀ ਦੇ ਜਨਰਲ ਸਕੱਤਰ ਨਿਯੁਕਤ ਕੀਤੇ ਗਏ ਹਨ।
ਬਰਾੜ ਅਤੇ ਸੋਢੀ ਨੇ ਦੱਸਿਆ ਕਿ ਉਪਰੋਕਤ ਅਹੁਦੇਦਾਰਾਂ ਦਾ ਐਲਾਨ ਉਨ੍ਹਾਂ ਦੀਆਂ ਸਿੱਖ ਪੰਥ ਅਤੇ ਪੰਜਾਬ ਲਈ ਕੀਤੀਆਂ ਕੁਰਬਾਨੀਆਂ ਨੂੰ ਸਨਮੁੱਖ ਰੱਖਦੇ ਹੋਏ ਪਾਰਟੀ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦੇ ਆਪਸੀ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸਤੋਂ ਪਹਿਲਾਂ ਵੀ ਪਾਰਟੀ ਵੱਲੋਂ ਵੱਡੇ ਪੱਧਰ `ਤੇ ਆਪਣੇ ਅਹੁਦੇਦਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਬੂਥ ਪੱਧਰ ਤੱਕ ਦਾ ਢਾਂਚਾ ਤਿਆਰ ਕੀਤਾ ਜਾਵੇਗਾ। ਇਸ ਮੌਕੇ `ਤੇ ਪਾਰਟੀ ਵੱਲੋਂ ਥਾਪੇ ਗਏ ਨਵੇਂ ਨਿਯੁਕਤ ਆਹੁਦੇਦਾਰਾਂ ਨੇ ਜਥੇਦਾਰ ਬ੍ਰਹਮਪੁਰਾ ਅਤੇ ਸ: ਢੀਂਡਸਾ ਦਾ ਧੰਨਵਾਦ ਕੀਤਾ ਅਤੇ ਪਾਰਟੀ ਦੀ ਮਜਬੂਤੀ ਲਈ ਤਨਦੇਹੀ ਨਾਲ ਕਾਰਜਸ਼ੀਲ ਰਹਿਣ ਦਾ ਅਹਿਦ ਲਿਆ।