13 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰਬਰ 68 ਵਿੱਚ ਕੀਤੀ ਟਿਊਬਵੈੱਲ ਦੀ ਸ਼ੁਰੂਆਤ

71

ਅੰਮ੍ਰਿਤਸਰ ਨੂੰ ਪੀਣ ਲਈ ਦਿੱਤਾ ਜਾਵੇਗਾ ਸਾਫ ਅਤੇ ਸ਼ੁਧ ਨਹਿਰੀ ਪਾਣੀ-ਸੋਨੀ

Italian Trulli

ਅੰਮ੍ਰਿਤਸਰ, 19 ਜੂਨ (ਗਗਨ ਅਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਪੰਜਾਬ ਮਿਉਂਸਪਲ ਸੇਵਾਵਾਂ ਸੁਧਾਰ ਪ੍ਰਾਜੈਕਟ (ਪੀ.ਐਮ.ਐਸ.ਆਈ.ਪੀ.) ਤਹਿਤ ਅੰਮ੍ਰਿਤਸਰ ਅਤੇ ਲੁਧਿਆਣਾ ਲਈ ਨਹਿਰੀ ਪਾਣੀ ਆਧਾਰਤ ਜਲ ਸਪਲਾਈ ਪ੍ਰਾਜੈਕਟ ਲਈ ਵਿਸਵ ਬੈਂਕ/ਏਸ਼ੀਅਨ ਇਨਫਰਾਸਟੱਕਚਰ ਇਨਵੈਸਟਮੈਂਟ ਬੈਂਕ (ਏ.ਆਈ.ਆਈ.ਬੀ.) ਤੋਂ 210 ਮਿਲੀਅਨ ਅਮਰੀਕੀ ਡਾਲਰ ਦੇ ਕਰਜ਼ੇ ਦੀ ਮੰਗ ਕੀਤੀ ਜਾ ਰਹੀ ਹੈ, ਜਿਸ ਨਾਲ ਦੋਵਾਂ ਸ਼ਹਿਰਾਂ ਨੂੰ ਸਾਫ ਅਤੇ ਸ਼ੁੱਧ ਪਾਣੀ ਨਿਰੰਤਰ ਮਿਲਦਾ ਰਹੇਗਾ। ਉਕਤ ਸਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰੀ ਓ ਪੀ ਸੋਨੀ ਨੇ ਟਿਊਬਵੈੱਲ ਦਾ ਉਦਘਾਟਨ ਕਰਨ ਮਗਰੋਂ ਕੀਤਾ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਲਈ ਕਰਜ਼ਾ ਲੈਣ ਸਬੰਧੀ ਫੈਸਲਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਪ੍ਰਸਤਾਵਿਤ ਪ੍ਰਾਜੈਕਟ ‘ਤੇ ਲਗਭਗ 300 ਮਿਲੀਅਨ ਡਾਲਰ ਦੀ ਲਾਗਤ ਆਉਣ ਦੀ ਸੰਭਾਵਨਾ ਹੈ ਜਿਸ ਵਿਚੋਂ ਇੰਟਰਨੈਸ਼ਨਲ ਬੈਂਕ ਫਾਰ ਰੀਕਾਂਸਟ੍ਰੈਕਸ਼ਨ ਐਂਡ ਡਿਵੈਲਪਮੈਂਟ (ਆਈ.ਬੀ.ਆਰ.ਡੀ.) ਵੱਲੋਂ 70 ਫ਼ੀਸਦੀ ਅਤੇ ਪੰਜਾਬ ਸਰਕਾਰ ਵੱਲੋਂ 30 ਫ਼ੀਸਦੀ ਨਿਵੇਸ਼ ਕੀਤਾ ਜਾਵੇਗਾ।

ਸ੍ਰੀ ਸੋਨੀ ਨੇ ਦੱਸਿਆ ਕਿ ਵੱਖ-ਵੱਖ ਥਾਵਾਂ ‘ਤੇ ਡੂੰਘੇ ਬੋਰ ਟਿਊਬਵੈੱਲਾਂ ਰਾਹੀਂ ਅੰਮ੍ਰਿਤਸਰ ਕਸਬਿਆਂ ਦੇ ਵਸਨੀਕਾਂ ਨੂੰ ਮੌਜੂਦਾ ਜਲ ਸਪਲਾਈ ਮੁਹੱਈਆ ਕਰਵਾਈ ਜਾ ਰਹੀ ਹੈ। ਸਮੇਂ ਦੇ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਘੱਟ ਰਿਹਾ ਹੈ ਜਿਸ ਨਾਲ ਟਿਊਬਵੈੱਲਾਂ ਨੂੰ ਵਾਰ-ਵਾਰ ਬਦਲਣ ਦੀ ਜ਼ਰੂਰਤ ਪੈਂਦੀ ਹੈ। ਇਸ ਦੇ ਨਾਲ ਟਿਊਬਵੈਲਾਂ ਦੀ ਨਿਕਾਸੀ ਘੱਟ ਜਾਂਦੀ ਹੈ ਜਿਸ ਦੇ ਨਤੀਜੇ ਵਜੋਂ ਵਸਨੀਕਾਂ ਵੱਲੋਂ ਅਕਸਰ ਪੀਣ ਵਾਲੇ ਪਾਣੀ ਦੀ ਘਾਟ ਸਬੰਧੀ ਸ਼ਿਕਾਇਤਾਂ ਕੀਤੀਆਂ ਜਾਂਦੀਆਂ ਹਨ। ਇਸ ਸਮੱਸਿਆ ਦੇ ਹੱਲ ਲਈ ਨਹਿਰੀ ਆਧਾਰਤ ਪਾਣੀ ਦੀ ਸਪਲਾਈ ਕਰਨ ਦਾ ਫੈਸਲਾ ਕੀਤਾ ਗਿਆ ਹੈ ਜਿਸ ਲਈ ਹੁਣ ਵਿਸਵ ਬੈਂਕ/ਏ.ਆਈ.ਆਈ.ਬੀ. ਤੋਂ 210 ਮਿਲੀਅਨ ਅਮਰੀਕੀ ਡਾਲਰ ਦਾ ਕਰਜ਼ਾ ਲਿਆ ਜਾਵੇਗਾ। ਅੰਮ੍ਰਿਤਸਰ ਲਈ ਨਹਿਰ ਆਧਾਰਤ ਪਾਣੀ ਦੀ ਸਪਲਾਈ ਦਾ ਕੰਮ ਪਹਿਲਾਂ ਹੀ ਸੌਂਪ ਦਿੱਤਾ ਗਿਆ ਹੈ ਜਦੋਂ ਕਿ ਲੁਧਿਆਣਾ ਕਸਬੇ ਲਈ ਪ੍ਰਸਤਾਵ ਅਜੇ ਪ੍ਰਗਤੀ ਅਧੀਨ ਹੈ। ਕੰਮ ਸੌਂਪਣ ਤੋਂ ਬਾਅਦ ਇਸ ਪ੍ਰਾਜੈਕਟ ਦੇ ਲਾਗੂ ਕਰਨ ਦੀ ਮਿਆਦ ਤਿੰਨ ਸਾਲ ਤੱਕ ਹੋਵੇਗੀ। ਇਸ ਮੌਕੇ ਮੇਅਰ ਸ੍ਰੀ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਦਰਿਆ ਰਾਵੀ ਤੋਂ ਪਾਣੀ ਲੈਣ ਦੀ ਤਜਵੀਜ਼ ਹੈ, ਜਿਸ ਨਾਲ ਸਾਡੇ ਸ਼ਹਿਰ ਨੂੰ ਪੀਣ ਲਈ ਕੁਦਰਤੀ ਤੌਰ ਉਤੇ ਮਿਨਰਲ ਪਾਣੀ ਪੀਣ ਲਈ ਮਿਲੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਮਹੇਸ਼ ਖੰਨਾ ,ਕੌਂਸਲਰ ਤਾਇਰ ਸ਼ਾਹ,ਸਲੀਮ ਭਲਵਾਨ,ਬਿੱਲਾਂ ਭਲਵਾਨ,ਰਾਕੇਸ਼ ਬੱਬੀ ਤੋਂ ਇਲਾਵਾ ਬਹੁਤ ਸਾਰੇ ਪਤਵੰਤੇ ਹਾਜ਼ਰ ਸਨ।