Archives September 2020

ਵਜ਼ੀਫਾ ਘੁਟਾਲੇ ਮਾਮਲੇ ‘ਚ ਕੇਂਦਰ ਨੇ ਵੀ ਜਾਂਚ ਦੇ ਦਿੱਤੇ ਹੁਕਮ, ਧਰਮਸੋਤ ਦੀਆਂ ਵਧੀਆਂ ਮੁਸ਼ਕਲਾਂ

ਚੰਡੀਗੜ੍ਹ: ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ‘ਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਪੰਜਾਬ ਸਰਕਾਰ ਤੋਂ ਬਾਅਦ ਹੁਣ ਕੇਂਦਰ ਸਰਕਾਰ ਨੇ ਵੀ ਇਸ ਘੁਟਾਲੇ ਦੀ ਜਾਂਚ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਹਨ। ਕੇਂਦਰੀ ਸਮਾਜਿਕ ਨਿਆਂ ਅਤੇ ਸੁਰੱਖਿਆ ਮੰਤਰੀ ਥਾਵਰ ਚੰਦ ਗਹਿਲੋਤ ਨੇ ਜੁਆਇੰਟ ਸਕੱਤਰ ਪੱਧਰ ਦੇ ਅਧਿਕਾਰੀਆਂ ਤੋਂ ਜਾਂਚ ਕਰਵਾਉਣ ਦੇ ਆਦੇਸ਼ ਦਿੱਤੇ ਹਨ ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੀਫ ਸੈਕਟਰੀ ਵਿੰਨੀ ਮਹਾਜਨ ਨੂੰ ਆਦੇਸ਼ ਦਿੱਤੇ ਸਨ ਕਿ ਇਸ ਦੀ ਜਾਂਚ ਕੀਤੀ ਜਾਵੇ। ਮੁੱਖ ਮੰਤਰੀ ਵਲੋਂ ਮਿਲੇ ਹੁਕਮਾਂ ਤੋਂ ਬਾਅਦ ਵਿੰਨੀ ਮਹਾਜਨ ਨੇ ਘੁਟਾਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਕੇਂਦਰੀ ਮੰਤਰੀ ਹਰਸਿਮਰਤ ਕੌਰ ਨੇ ਕੇਂਦਰ ਸਰਕਾਰ ਨੂੰ ਮੰਗ ਕੀਤੀ ਸੀ ਕਿ ਇਸ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ। ਜਿਸ ਤੋਂ ਬਾਅਦ ਹੁਣ ਕੇਂਦਰੀ ਮੰਤਰੀ ਥਾਵਰ ਚੰਦ ਗਹਿਲੋਤ ਨੇ ਜੁਆਇੰਟ ਸਕੱਤਰ ਪੱਧਰ ਦੇ ਦੋ ਅਧਿਕਾਰੀਆਂ ਨੂੰ ਜਾਂਚ ਕਰਨ ਦੇ ਹੁਕਮ ਦੇ ਦਿੱਤੇ ਹਨ।