ਨਵੀਂ ਦਿੱਲੀ, 13 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਹਾੜੇ ਦੀ 450 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਦਲ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਇਕ ਵਿਸ਼ਾਲ ਨਗਰ ਕੀਰਤਨ ਸੁਰਸਿੰਘ ਤੋਂ ਸ੍ਰੀ ਗੋਇੰਦਵਾਲ ਸਾਹਿਬ ਤੱਕ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਖ਼ਾਲਸਈ ਜਾਹੋ-ਜਲਾਲ ਨਾਲ ਸਜਾਏ ਗਏ ਇਸ ਨਗਰ ਕੀਰਤਨ ਦੌਰਾਨ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਮੂਲੀਅਤ ਕੀਤੀ ਅਤੇ ਗਤਕਾ ਪਾਰਟੀਆਂ ਵੱਲੋਂ ਜੰਗਜੂ ਕਲਾ ਦੇ ਜੌਹਰ ਦਿਖਾਏ ਗਏ। ਨਗਰ ਕੀਰਤਨ ਦੌਰਾਨ ਹਾਥੀ, ਘੋੜੇ ਵੱਡੀ ਗਿਣਤੀ ਵਿਚ ਸ਼ਾਮਲ ਸਨ। ਆਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਜਾਇਬ ਸਿੰਘ ਅਭਿਆਸੀ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਬਾਬਾ ਜੋਗਾ ਸਿੰਘ ਮੁੱਖੀ ਤਰਨਾ ਦਲ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਧੱਤਲ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸਾਬਕਾ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਆਦਿ ਮੌਜੂਦ ਸਨ। ਇਸ ਮੌਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸ਼ਤਾਬਦੀ ਦੇ ਸਬੰਧ ਵਿਚ ਵੱਖ-ਵੱਖ ਥਾਵਾਂ ‘’ਤੇ ਆਯੋਜਤ ਕੀਤੇ ਜਾ ਰਹੇ ਸਮਾਗਮ ਸਿੱਖੀ ਦੀ ਚੜ੍ਹਦੀ ਕਲਾ ਦਾ ਪ੍ਰਗਟਾ ਹਨ। ਉਨ੍ਹਾਂ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਦੀ ਦੇਖਰੇਖ ਹੇਠ ਸਜਾਏ ਗਏ ਨਗਰ ਕੀਰਤਨ ਨੂੰ ਇਤਿਹਾਸਕ ਕਿਹਾ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਖ਼ਾਲਸਾ ਪੰਥ ਦੇ ਨਗਰ ਕੀਰਤਨ ਕੌਮੀ ਜਾਹੋ ਜਲਾਲ ਪ੍ਰਗਟਾ ਹਨ। ਉਨ੍ਹਾਂ ਆਖਿਆ ਕਿ ਸਾਡੇ ਜੀਵਨ ਕਾਲ ’ਚ ਗੁਰੂ ਸਾਹਿਬਾਨ ਨਾਲ ਸਬੰਧਤ ਸ਼ਤਾਬਦੀ ਦਿਹਾੜੇ ਆਉਣੇ ਸਾਡੀ ਖ਼ੁਸ਼ਕਿਸਮਤੀ ਹੈ। ਉਨ੍ਹਾਂ ਸੰਗਤ ਨੂੰ ਸ਼ਤਾਬਦੀ ਦੇ ਸਮਾਗਮਾਂ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।