21 ਸਤੰਬਰ ਨੂੰ ਦਿੱਲੀ ਦੀ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਕਦੀ ਹੈ ਆਤਿਸ਼ੀ ਮਾਰਲੇਨਾ

ਨਵੀ ਦਿੱਲੀ, 18 ਸਤੰਬਰ (ਬੁਲੰਦ ਆਵਾਜ਼):-ਅਰਵਿੰਦ ਕੇਜਰੀਵਾਲ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਹੁਣ ਆਤਿਸ਼ੀ ਦੀ ਅਗਵਾਈ ‘ਚ ਦਿੱਲੀ ‘ਚ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਬਣਨ ਜਾ ਰਹੀ ਹੈ। ਸੂਤਰਾਂ ਮੁਤਾਬਕ ਆਤਿਸ਼ੀ 21 ਸਤੰਬਰ ਨੂੰ ਦਿੱਲੀ ਦੀ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਕਦੀ ਹੈ। ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਅਸਤੀਫਾ ਅਤੇ ਆਤਿਸ਼ੀ ਵੱਲੋਂ ਨਵੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਵਾਲਾ ਪੱਤਰ ਰਾਸ਼ਟਰਪਤੀ ਨੂੰ ਭੇਜ ਦਿੱਤਾ ਗਿਆ ਹੈ। ਦੱਸ ਦੇਈਏ ਕਿ ਆਤਿਸ਼ੀ ਵੱਲੋਂ ਸਹੁੰ ਚੁੱਕਣ ਦੀ ਕੋਈ ਤਰੀਕ ਤਜਵੀਜ਼ ਨਹੀਂ ਕੀਤੀ ਗਈ ਸੀ। ਇਸ ਲਈ ਦਿੱਲੀ ਦੇ ਉਪ ਰਾਜਪਾਲ ਨੇ ਨਵੇਂ ਮੁੱਖ ਮੰਤਰੀ ਦੇ ਸਹੁੰ ਚੁੱਕਣ ਲਈ 21 ਸਤੰਬਰ, 2024 ਦੀ ਤਾਰੀਖ ਦਾ ਪ੍ਰਸਤਾਵ ਕੀਤਾ ਹੈ।